
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਵਸ ’ਤੇ ਮਜ਼ਦੂਰ ਹੱਕਾਂ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਕੱਢਿਆ ਮੋਟਰਸਾਈਕਲ ਮਾਰਚ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਆਜ਼ਾਦੀ ਦਿਵਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਤਹਿਸੀਲ ਜ਼ੀਰਾ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਸੂਬਾ ਕੈਸ਼ੀਅਰ ਗਿਆਨ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੰਦੀਪ ਭੰਡੋਰੀ ਦੀ ਅਗਵਾਈ ਹੇਠ ਕੱਢਿਆ ਇਹ ਮਾਰਚ ਦਾਣਾ ਮੰਡੀ ਜ਼ੀਰਾ ਤੋਂ ਸ਼ੁਰੂ ਹੋਇਆ ਅਤੇ ਮਨਸੂਰ ਦੇਵਾ, ਰਟੌਲ ਬੇਟ, ਸੁੱਖੇ ਵਾਲਾ, ਸ਼ਾਹ ਵਾਲਾ, ਨੂਰਪੁਰ, ਮੱਲੋਕੇ, ਮਲਸੀਆਂ, ਨਵਾਂ ਜ਼ੀਰਾ, ਫੇਰੋਕੇ ਤੇ ਗਾਦੜੀਵਾਲਾ ਸਮੇਤ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਜ਼ੀਰਾ ਵਿਖੇ ਸਮਾਪਤ ਹੋਇਆ। ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਪੇਂਡੂ ਮਜ਼ਦੂਰਾਂ ਦੀ ਜ਼ਿੰਦਗੀ ਵਿਚ ਉਹ ਬਦਲਾਅ ਨਹੀਂ ਆਇਆ, ਜਿਸ ਦੀ ਉਮੀਦ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਤੀ ਸੀ। ਸੂਬਾ ਕਨਵੀਨਰ ਲਖਵੀਰ ਸਿੰਘ ਲੱਖਾ, ਤੇਜ ਸਿੰਘ ਨਾਹਰ ਖੋਟੇ, ਛਿੰਦਰ ਸਿੰਘ ਸਾਫੂ ਵਾਲਾ, ਬੱਗਾ ਸਿੰਘ ਅਤੇ ਛਿੰਦਰ ਸਿੰਘ ਨੱਥੂਵਾਲਾ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਨੀਤੀਆਂ ਦਾ ਲਾਭ ਮਜ਼ਦੂਰਾਂ ਤੇ ਕਿਸਾਨਾਂ ਦੀ ਬਜਾਏ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਮਿਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੇ ਸੰਘਰਸ਼ਾਂ ਨਾਲ ਹਾਸਲ ਕੀਤੇ ਕਰੀਬ 43 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ ਨਵੇਂ ਕਿਰਤ ਕਾਨੂੰਨਾਂ ਰਾਹੀਂ ਮਜ਼ਦੂਰ ਹੱਕਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਠ ਘੰਟੇ ਦੀ ਡਿਊਟੀ ਦੇ ਹੱਕ, ਰੁਜ਼ਗਾਰ, ਨਰੇਗਾ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਨਾਲ ਜੁੜੇ ਮੁੱਦਿਆਂ ’ਤੇ ਵੀ ਸਰਕਾਰ ਨੂੰ ਘੇਰਿਆ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਹੀਂ ਹੋਇਆ।