ਭਾਖੜਾ ਡੈਮ ’ਚ ਵੱਧਦਾ ਪਾਣੀ ਬਣਿਆ ਚਿੰਤਾ ਦਾ ਵਿਸ਼ਾ
ਭਾਖੜਾ ਡੈਮ ’ਚ ਵੱਧਦਾ ਪਾਣੀ ਬਣਿਆ ਚਿੰਤਾ ਦਾ ਵਿਸ਼ਾ, ਹੜ੍ਹਾਂ ਦੇ ਖਤਰੇ ਨੂੰ ਲੈ ਕੇ ਸੁਰਿੰਦਰ ਸਿੰਘ ਜੋੜਾ ਨੇ ਜਤਾਈ ਫਿਕਰ
Publish Date: Thu, 11 Jun 2026 04:42 PM (IST)
Updated Date: Fri, 12 Jun 2026 04:06 AM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ,ਮੱਲਾਂਵਾਲਾ : ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹੇਠਲੇ ਇਲਾਕਿਆਂ ਵਿਚ ਹੜ੍ਹਾਂ ਦੇ ਖਤਰੇ ਨੂੰ ਲੈ ਕੇ ਚਿੰਤਾਵਾਂ ਵਧਣ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 9 ਜੂਨ 2026 ਨੂੰ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1578.07 ਫੁੱਟ ਦਰਜ ਕੀਤਾ ਗਿਆ, ਜਦਕਿ ਪਿਛਲੇ ਸਾਲ ਇਸੇ ਸਮੇਂ ਇਹ ਪੱਧਰ 1556.60 ਫੁੱਟ ਸੀ। ਇਸ ਤਰ੍ਹਾਂ ਇਸ ਵਾਰ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਕਰੀਬ 21 ਫੁੱਟ ਵੱਧ ਹੈ। ਬੀਬੀਐੱਮਬੀ ਵੱਲੋਂ ਸੂਬਿਆਂ ਨੂੰ ਵੱਧ ਤੋਂ ਵੱਧ ਪਾਣੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਹਾੜੀ ਖੇਤਰਾਂ ਵਿਚ ਬਰਫ਼ ਪਿਘਲਣ ਕਾਰਨ ਆਉਣ ਵਾਲੇ ਦਿਨਾਂ ਵਿਚ ਡੈਮ ਵਿਚ ਪਾਣੀ ਦੀ ਆਮਦ ਹੋਰ ਵੱਧ ਸਕਦੀ ਹੈ। ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੋੜਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਨੂੰ ਨਿਯੰਤਰਿਤ ਕਰਨ ਲਈ ਢੁਕਵੇਂ ਕਦਮ ਨਾ ਚੁੱਕੇ ਤਾਂ ਇਸ ਵਾਰ ਵੀ ਪਿਛਲੇ ਸਾਲ ਵਰਗੀ ਹੜ੍ਹਾਂ ਦੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ੀਰਾ ਤਹਿਸੀਲ, ਤਰਨ ਤਾਰਨ ਅਤੇ ਫਿਰੋਜ਼ਪੁਰ ਖੇਤਰ ਦੇ ਲੋਕ ਹਰ ਸਾਲ ਹੜ੍ਹਾਂ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਝੱਲਦੇ ਹਨ, ਜੋ ਕਿ ਬਹੁਤ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਸਰਕਾਰਾਂ ਪੀੜਤਾਂ ਨੂੰ ਸਹਾਇਤਾ ਰਾਸ਼ੀ ਤਾਂ ਦੇ ਦਿੰਦੀਆਂ ਹਨ, ਪਰ ਅਸਲ ਲੋੜ ਇਸ ਗੱਲ ਦੀ ਹੈ ਕਿ ਸੰਭਾਵਿਤ ਤਰਾਸਦੀ ਨੂੰ ਸਮੇਂ ਸਿਰ ਰੋਕਣ ਲਈ ਪ੍ਰਭਾਵਸ਼ਾਲੀ ਯੋਜਨਾ ਬਣਾਈ ਜਾਵੇ। ਸੁਰਿੰਦਰ ਸਿੰਘ ਜੋੜਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਡੈਮ ਵਿਚ ਵੱਧ ਰਹੇ ਪਾਣੀ ਨੂੰ ਝੋਨੇ ਦੀ ਬਿਜਾਈ ਲਈ ਵਰਤਣ ਵੱਲ ਧਿਆਨ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲ ਸਕੇ ਅਤੇ ਡੈਮ ਦਾ ਪਾਣੀ ਪੱਧਰ ਵੀ ਨਿਯੰਤਰਣ ਵਿਚ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਕੱਸੀਆਂ, ਡਰੇਨਾਂ ਅਤੇ ਨਿਕਾਸੀ ਪ੍ਰਣਾਲੀਆਂ ਦੀ ਸਫ਼ਾਈ ਦਾ ਕੰਮ ਅਜੇ ਵੀ ਅਧੂਰਾ ਪਿਆ ਹੈ, ਜਿਸ ਕਾਰਨ ਵਾਧੂ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਸਰਕਾਰ ਨੂੰ ਚਾਹੀਦਾ ਹੈ ਕਿ ਪਿਛਲੇ ਤਜਰਬਿਆਂ ਤੋਂ ਸਬਕ ਲੈਂਦਿਆਂ ਇਸ ਵਾਰ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕਰੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਸੰਭਾਵਿਤ ਹੜ੍ਹ ਅਤੇ ਤਰਾਸਦੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।