Road Accident : ਫਿਰੋਜ਼ਪੁਰ–ਫਾਜ਼ਿਲਕਾ ਜੀਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ
ਫਿਰੋਜ਼ਪੁਰ–ਫਾਜ਼ਲਕਾ ਜੀਟੀ ਰੋਡ ‘ਤੇ ਪੈਂਦੇ ਪਿੰਡ ਮੋਹਣ ਕੇ ਹਿਠਾੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਨੌਜਵਾਨ ਨੇ ਤੁਰੰਤ ਦਮ ਤੋੜ ਦਿੱਤਾ।
Publish Date: Sun, 18 Jan 2026 07:16 PM (IST)
Updated Date: Sun, 18 Jan 2026 07:20 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ, ਗੁਰੂਹਰਸਹਾਏ : ਫਿਰੋਜ਼ਪੁਰ–ਫਾਜ਼ਲਕਾ ਜੀਟੀ ਰੋਡ ‘ਤੇ ਪੈਂਦੇ ਪਿੰਡ ਮੋਹਣ ਕੇ ਹਿਠਾੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਨੌਜਵਾਨ ਨੇ ਤੁਰੰਤ ਦਮ ਤੋੜ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਚੱਕ ਪਾਲੀਵਾਲਾ, (ਜਲਾਲਾਬਾਦ )ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਲਾਲਾਬਾਦ ਵੱਲ ਨੂੰ ਜਾ ਰਿਹਾ ਸੀ, ਜਦਕਿ ਸਾਹਮਣੋਂ ਫਿਰੋਜ਼ਪੁਰ ਵੱਲ ਨੂੰ ਆ ਰਹੀ ਇੱਕ ਫੋਰਡ ਇਨਡੈਵਰ ਕਾਰ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਲੋਕਾਂ ਵਿੱਚ ਇਹ ਵੀ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕਾਰ ਨੂੰ ਕੋਈ ਔਰਤ ਚਲਾ ਰਹੀ ਸੀ ਅਤੇ ਇਹ ਕਾਰ ਕਿਸੇ ਸਰਮਾਏਦਾਰ ਪਰਿਵਾਰ ਨਾਲ ਸਬੰਧਿਤ ਹੈ। ਹਾਲਾਂਕਿ ਪੁਲਿਸ ਵੱਲੋਂ ਇਨ੍ਹਾਂ ਚਰਚਾਵਾਂ ਦੀ ਅਧਿਕਾਰਕ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ।
ਇਸ ਦੁਖਦਾਈ ਹਾਦਸੇ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵੀ ਮੌਕੇ ‘ਤੇ ਪੁੱਜੇ। ਲੋਕਾਂ ਵੱਲੋਂ ਇਹ ਅਫ਼ਵਾਹਾਂ ਫੈਲ ਰਹੀਆਂ ਸਨ ਕਿ ਮਾਮਲੇ ‘ਚ ਕੋਈ ਵੱਡੀ ਕਾਰਵਾਈ ਨਹੀਂ ਹੋਵੇਗੀ, ਜਿਸ ‘ਤੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਤੁਰੰਤ ਡੀਐਸਪੀ ਰਾਜਵੀਰ ਸਿੰਘ ਨਾਲ ਫ਼ੋਨ ‘ਤੇ ਗੱਲ ਕਰਕੇ ਮਾਮਲੇ ਵਿੱਚ ਨਿਰਪੱਖ ਅਤੇ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ।
ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਹਾਦਸਾਗ੍ਰਸਤ ਕਾਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਮੌਕੇ ਥਾਣਾ ਮੁਖੀ ਗੁਰਜੰਟ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।