ਈ-ਮੇਲ ਧਮਕੀ ਮਗਰੋਂ ਜ਼ੀਰਾ ਅਦਾਲਤ ’ਚ ਹੜਕੰਪ, ਪੁਲਿਸ ਨੇ ਚੱਪਾ-ਚੱਪਾ ਛਾਣਿਆ ਈ-ਮੇਲ ਧਮਕੀ ਮਗਰੋਂ ਜ਼ੀਰਾ ਅਦਾਲਤ ’ਚ ਹੜਕੰਪ, ਪੁਲਿਸ ਨੇ ਚੱਪਾ-ਚੱਪਾ ਛਾਣਿਆ
Publish Date: Wed, 12 Aug 2026 06:45 PM (IST)
Updated Date: Wed, 12 Aug 2026 06:47 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਸਾਹਮਣੇ ਆਉਂਦਿਆਂ ਹੀ ਜ਼ੀਰਾ ਅਦਾਲਤੀ ਕੰਪਲੈਕਸ ਵਿੱਚ ਹੜਕੰਪ ਮਚ ਗਿਆ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਨੇ ਬਿਨਾਂ ਕਿਸੇ ਦੇਰੀ ਦੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾਇਆ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ। ਅਦਾਲਤ ਵਿੱਚ ਆਪਣੇ ਕੇਸਾਂ ਦੀ ਸੁਣਵਾਈ ਲਈ ਪੁੱਜੇ ਲੋਕਾਂ, ਵਕੀਲਾਂ, ਸਟਾਫ਼ ਅਤੇ ਹੋਰ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਦਿੱਤਾ ਗਿਆ, ਜਿਸ ਕਾਰਨ ਕੁਝ ਸਮੇਂ ਲਈ ਅਦਾਲਤੀ ਕੰਮਕਾਜ ਵੀ ਪ੍ਰਭਾਵਿਤ ਰਿਹਾ। ਧਮਕੀ ਤੋਂ ਬਾਅਦ ਪੁਲਿਸ ਟੀਮਾਂ ਨੇ ਅਦਾਲਤੀ ਇਮਾਰਤ, ਜੱਜਾਂ ਦੇ ਕਮਰਿਆਂ, ਸਟਾਫ਼ ਦੇ ਦਫ਼ਤਰਾਂ, ਵਕੀਲਾਂ ਦੇ ਚੈਂਬਰਾਂ ਅਤੇ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਵੱਲੋਂ ਹਰ ਕਮਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਖੰਗਾਲਿਆ ਗਿਆ ਤਾਂ ਜੋ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਟਾਲਿਆ ਜਾ ਸਕੇ। ਤਲਾਸ਼ੀ ਦੌਰਾਨ ਫਿਲਹਾਲ ਕੋਈ ਸ਼ੱਕੀ ਵਸਤੂ ਜਾਂ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਅਦਾਲਤੀ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪੱਖੋਂ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਧਮਕੀ ਭਰੀ ਈ-ਮੇਲ ਨੇ ਅਦਾਲਤੀ ਕੰਪਲੈਕਸ ਵਿੱਚ ਮੌਜੂਦ ਲੋਕਾਂ ਦੇ ਨਾਲ-ਨਾਲ ਇਲਾਕਾ ਵਾਸੀਆਂ ਵਿੱਚ ਵੀ ਚਿੰਤਾ ਪੈਦਾ ਕਰ ਦਿੱਤੀ। ਹਾਲਾਂਕਿ ਪੁਲਿਸ ਦੀ ਤੁਰੰਤ ਕਾਰਵਾਈ ਅਤੇ ਵਿਆਪਕ ਤਲਾਸ਼ੀ ਮਗਰੋਂ ਕਿਸੇ ਸ਼ੱਕੀ ਵਸਤੂ ਦੇ ਨਾ ਮਿਲਣ ਨਾਲ ਵੱਡਾ ਖ਼ਤਰਾ ਟਲਦਾ ਨਜ਼ਰ ਆਇਆ। ਪੁਲਿਸ ਵੱਲੋਂ ਧਮਕੀ ਭਰੀ ਈ-ਮੇਲ ਦੇ ਸਰੋਤ ਅਤੇ ਇਸ ਪਿੱਛੇ ਮੌਜੂਦ ਲੋਕਾਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।