ਮੁੱਦਕੀ ’ਚ 25ਵੇਂ ਦਿਨ ਵੀ ਜਾਰੀ ਰਹੀ ਸਫਾਈ ਸੇਵਕਾਂ ਦੀ ਹੜਤਾਲ ਮੁੱਦਕੀ ’ਚ 25ਵੇਂ ਦਿਨ ਵੀ ਜਾਰੀ ਰਹੀ ਸਫਾਈ ਸੇਵਕਾਂ ਦੀ ਹੜਤਾਲ
Publish Date: Sat, 01 Aug 2026 03:56 PM (IST)
Updated Date: Sat, 01 Aug 2026 03:58 PM (IST)
ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾ ਪੱਧਰੀ ਸੱਦੇ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਕਸਬਾ ਮੁੱਦਕੀ ਵਿਖੇ ਸਫਾਈ ਸੇਵਕਾਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਅੱਜ 25ਵੇਂ ਦਿਨ ਵੀ ਪੂਰੇ ਰੋਹ ਨਾਲ ਜਾਰੀ ਰਹੀ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਣਦੇਖੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਯੂਨੀਅਨ ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਇਹ ਆਰ-ਪਾਰ ਦੀ ਲੜਾਈ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸਫਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਉਨ੍ਹਾਂ ਬੀਤੇ ਦਿਨੀਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਪੂਰਨ ਤੌਰ ’ਤੇ ਸਫ਼ਲ ਬਣਾਉਣ ਲਈ ਮੁੱਦਕੀ ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਧਾਨ ਨੇ ਕਿਹਾ ਕਿ ਆਮ ਜਨਤਾ ਤੋਂ ਮਿਲੇ ਅਥਾਹ ਸਹਿਯੋਗ ਨੇ ਉਨ੍ਹਾਂ ਦੇ ਸੰਘਰਸ਼ ਨੂੰ ਹੋਰ ਬਲ ਬਖ਼ਸ਼ਿਆ ਹੈ। ਸਰਕਾਰ ਦੇ ਅੜੀਅਲ ਰਵੱਈਏ ’ਤੇ ਚਿੰਤਾ ਪ੍ਰਗਟਾਉਂਦਿਆਂ ਯੂਨੀਅਨ ਪ੍ਰਧਾਨ ਦੀਪ ਕੁਮਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ ਤੁਰੰਤ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਅੰਦੋਲਨ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸੰਘਰਸ਼ ਦੇ ਤੇਜ਼ ਹੋਣ ਨਾਲ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਜਾਂ ਹਾਲਾਤ ਵਿਗੜਦੇ ਹਨ, ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿਚ ਯੂਨੀਅਨ ਆਗੂਆਂ ਅਤੇ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਸੇਵਕਾਂ ਨੇ ਭਾਗ ਲਿਆ। ਧਰਨੇ ਵਿੱਚ ਪ੍ਰਧਾਨ ਦੀਪ ਕੁਮਾਰ, ਰਮੇਸ਼ ਕੁਮਾਰ, ਅੰਗਰੇਜ਼ ਸਿੰਘ ਬਰਾੜ, ਅਸ਼ੋਕ, ਦੀਪਕ, ਜਸਕਰਨ ਸਿੰਘ, ਸੁਨੀਲ, ਸੱਤਪਾਲ, ਸਿਮਰਨ, ਗੁਰਪ੍ਰੀਤ, ਰਜੇਸ਼, ਸੁਨੀਲ ਕੁਮਾਰ, ਰਾਹੁਲ ਕੁਮਾਰ ਤੋਂ ਇਲਾਵਾ ਹੋਰ ਕਰਮਚਾਰੀ ਹਾਜ਼ਰ ਸਨ। ਇਸ ਦੇ ਨਾਲ ਹੀ ਔਰਤ ਮੁਲਾਜ਼ਮਾਂ ਵਿੱਚੋਂ ਗੋਗੀ ਰਾਣੀ, ਪ੍ਰੀਤੀ, ਵੀਨਾ ਰਾਣੀ, ਕਿਰਨ, ਸਾਜਨ ਅਤੇ ਮੀਰਾਂ ਸਮੇਤ ਹੋਰਨਾਂ ਨੇ ਵੀ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। ਹੜਤਾਲੀ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕਾਂ ਲਈ ਆਖਰੀ ਸਾਹ ਤੱਕ ਲੜਨਗੇ ਅਤੇ ਜਦੋਂ ਤੱਕ ਸਰਕਾਰ ਲਿਖਤੀ ਰੂਪ ਵਿੱਚ ਮੰਗਾਂ ਮੰਨਣ ਦਾ ਐਲਾਨ ਨਹੀਂ ਕਰਦੀ, ਧਰਨਾ ਸਮਾਪਤ ਨਹੀਂ ਕੀਤਾ ਜਾਵੇਗਾ।