ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਦੇਸ਼ਭਗਤੀ ਦੇ ਜਜ਼ਬੇ ਨਾਲ ਕੱਢਿਆ ਮਾਰਚ ਸੰਤ ਕਬੀਰ ਕਾਲਜ ਤੇ ਸਮਾਜ ਸੇਵੀ ਸੰਸਥਾਵਾਂ ਨੇ ਸਾਂਝੇ ਤੌਰ ’ਤੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
Publish Date: Tue, 29 Sep 2026 04:45 PM (IST)
Updated Date: Tue, 29 Sep 2026 04:45 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸੰਤ ਕਬੀਰ ਕਾਲਜ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਾਂਝੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਦੇਸ਼ਭਗਤੀ ਦੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ। ਸੰਤ ਕਬੀਰ ਕਾਲਜ ਦੇ ਐਮਡੀ ਡਾ. ਸੁਖਦੇਵ ਸਿੰਘ ਟੁਰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇੱਕ ਨਾਮ ਨਹੀਂ, ਸਗੋਂ ਦੇਸ਼ ਦੀ ਆਜ਼ਾਦੀ, ਨੌਜਵਾਨੀ ਦੇ ਹੌਸਲੇ ਅਤੇ ਕੁਰਬਾਨੀ ਦੀ ਅਮਰ ਮਿਸਾਲ ਹਨ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਨਿੱਕੀ ਉਮਰ ਵਿੱਚ ਹੀ ਦੇਸ਼ ਦੀ ਗੁਲਾਮੀ ਦੀਆਂ ਜ਼ੰਜੀਰਾਂ ਤੋੜਨ ਲਈ ਆਪਣਾ ਸਾਰਾ ਜੀਵਨ ਕੌਮ ਦੇ ਲੇਖੇ ਲਾ ਦਿੱਤਾ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ, ਦੇਸ਼ ਪ੍ਰਤੀ ਸਮਰਪਣ ਅਤੇ ਨਿਸ਼ਕਾਮ ਭਾਵਨਾ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਵੀ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਅਤੇ ਹਿੰਮਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਦੇਸ਼ ਦੀ ਉਸਾਰੀ ਵਿੱਚ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੰਤ ਕਬੀਰ ਕਾਲਜ ਦੇ ਡਾਇਰੈਕਟਰ ਸਵਰਨ ਸਿੰਘ ਟੁਰਨਾ,ਪ੍ਰਿੰਸੀਪਲ ਡਾ.ਵੀਰਪਾਲ ਕੌਰ, ਕਾਲਜ ਸਟਾਫ਼, ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਸ਼ਹਿਰ ਵਿੱਚ ਦੇਸ਼ਭਗਤੀ ਮਾਰਚ ਵੀ ਕੱਢਿਆ ਗਿਆ। ਅੰਤ ਵਿੱਚ ਹਾਜ਼ਰੀਨ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲਿਆ। ਇਸ ਮੌਕੇ ਐੱਸਐੱਚਓ ਥਾਣਾ ਸਿਟੀ ਜਸਵਿੰਦਰ ਸਿੰਘ ਬਰਾੜ, ਨਰਿੰਦਰ ਸਿੰਘ ਥਿੰਦ, ਅਸ਼ੋਕ ਪਲਤਾ, ਹਰਬੰਸ ਸਿੰਘ ਸੇਖਾ, ਜਸਵੰਤ ਸਿੰਘ ਨਾਮਦੇਵ, ਫੂਡ ਸਪਲਾਈ ਇੰਸਪੈਕਟਰ ਸੁਰਿੰਦਰ ਸਿੰਘ, ਵਨੀਤਾ ਝਾਂਜੀ, ਗੁਰਬਖਸ਼ ਸਿੰਘ ਵਿੱਜ, ਮਾਸਟਰ ਹਰਭਜਨ ਸਿੰਘ, ਰਾਮੇਸ਼ ਆਰਿਆ, ਨਰੇਸ਼ ਜੈਨ ਬੱਲੀ, ਡਾ.ਪਰਮਪ੍ਰੀਤ ਸਿੰਘ, ਹਰਪ੍ਰੀਤ ਸਿੰਘ ਬੱਬਲੂ, ਸੁਖਦੇਵ ਵਿੱਜ,ਚਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ।