- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਏ ਓਪਨ ਦੇ ਸ਼ਾਨਦਾਰ ਨਤੀਜਿਆਂ ਨਾਲ ਫਿਰ ਚਮਕਿਆ ਸੰਤ ਕਬੀਰ ਕਾਲਜ ਜ਼ੀਰਾ ਦਾ ਨਾਮ

- ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨੇ ਲਿਖੀ ਸਫਲਤਾ ਦੀ ਨਵੀਂ ਇਬਾਰਤ
- ਨਿਸ਼ਾ ਨੇ 82 ਫ਼ੀਸਦੀ ਨੰਬਰਾਂ ਨਾਲ ਕੀਤਾ ਟਾਪ
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ : ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕੇ ਸੰਤ ਕਬੀਰ ਕਾਲਜ, ਜ਼ੀਰਾ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਦਰਜ ਕਰਦਿਆਂ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਬੀਏ ਓਪਨ ਕੋਰਸ ਦੇ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਨਾ ਸਿਰਫ਼ ਕਾਲਜ ਦਾ ਮਾਣ ਵਧਾਇਆ ਹੈ, ਸਗੋਂ ਸੰਸਥਾ ਦੀ ਗੁਣਵੱਤਾ ਭਰਪੂਰ ਸਿੱਖਿਆ ਅਤੇ ਅਨੁਸ਼ਾਸਿਤ ਅਕਾਦਮਿਕ ਮਾਹੌਲ ਨੂੰ ਵੀ ਇਕ ਵਾਰ ਫਿਰ ਸਾਬਤ ਕੀਤਾ ਹੈ। ਨਤੀਜਿਆਂ ਅਨੁਸਾਰ ਵਿਦਿਆਰਥਣ ਨਿਸ਼ਾ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਰਮਨਦੀਪ ਕੌਰ ਨੇ 80.9 ਫੀਸਦੀ, ਸਿਮਰਨ ਕੌਰ ਨੇ 80 ਫੀਸਦੀ, ਇੰਦਰਾ ਸਿੰਘ ਨੇ 80 ਫੀਸਦੀ ਅਤੇ ਰੁਪਿੰਦਰ ਕੌਰ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦੀ ਸ਼ਾਨ ਵਿੱਚ ਹੋਰ ਵਾਧਾ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ਨੇ ਕਾਲਜ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਪੈਦਾ ਕਰ ਦਿੱਤਾ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਭਰਪੂਰ ਸਹਿਯੋਗ ਦਾ ਸੁੰਦਰ ਨਤੀਜਾ ਹਨ। ਉਨ੍ਹਾਂ ਕਿਹਾ ਕਿ ਸੰਤ ਕਬੀਰ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਬਿਹਤਰ ਭਵਿੱਖ ਲਈ ਯੋਗ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਵੀਰਪਾਲ ਕੌਰ, ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਸੁਰੇਖਾ ਨੇ ਵੀ ਸਾਰੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਦਾ ਉਦੇਸ਼ ਸਿਰਫ਼ ਪ੍ਰੀਖਿਆਵਾਂ ਵਿਚ ਸਫਲਤਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਵਰਣ ਸਿੰਘ, ਸਮੂਹ ਸਟਾਫ਼ ਮੈਂਬਰ ਹਰਮਨਦੀਪ ਸਿੰਘ, ਪਰਮਿੰਦਰ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਵਨੀਤਾ ਅਤੇ ਹੋਰ ਸਾਰੇ ਸਟਾਫ਼ ਮੈਂਬਰਾਂ ਨੇ ਵੀ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਅਤੇ ਕਾਮਯਾਬ ਭਵਿੱਖ ਦੀ ਕਾਮਨਾ ਕੀਤੀ। ਸੰਸਥਾ ਦੀ ਇਸ ਸ਼ਾਨਦਾਰ ਸਫਲਤਾ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸੰਤ ਕਬੀਰ ਕਾਲਜ, ਜ਼ੀਰਾ ਸਿੱਖਿਆ ਦੇ ਖੇਤਰ ਵਿਚ ਉੱਚ ਮਿਆਰ ਅਤੇ ਭਰੋਸੇ ਦਾ ਪ੍ਰਤੀਕ ਬਣਿਆ ਹੋਇਆ ਹੈ।