- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਕਬੀਰ ਕਾਲਜ ਜ਼ੀਰਾ ਦੀ ‘ਅਸੀਸ ਸਕਾਲਰਸ਼ਿਪ’ ਵਿਦਿਆਰਥੀਆਂ ਲਈ ਬਣੀ ਵਰਦਾਨ

- ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮਿਲ ਰਹੀ ਮਦਦ
- ਸਕਾਲਰਸ਼ਿਪ ਮੁਹਿੰਮ ਦਾ ਵਿਦਿਆਰਥੀਆਂ ਤੇ ਮਾਪਿਆਂ ਨੂੰ ਮਿਲ ਰਿਹਾ ਫਾਇਦਾ
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ : ਉੱਚ ਸਿੱਖਿਆ ਨੂੰ ਹਰ ਇੱਕ ਵਿਦਿਆਰਥੀ ਦੀ ਪਹੁੰਚ ਵਿਚ ਲਿਆਉਣ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੰਤ ਕਬੀਰ ਕਾਲਜ ਜ਼ੀਰਾ ਵੱਲੋਂ ਸ਼ੁਰੂ ਕੀਤੀ ਗਈ ‘ਅਸੀਸ ਸਕਾਲਰਸ਼ਿਪ’ ਯੋਜਨਾ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਜਨਰਲ ਅਤੇ ਬੀਸੀ ਵਰਗ ਦੇ ਯੋਗ ਵਿਦਿਆਰਥੀਆਂ ਨੂੰ 70 ਫੀਸਦੀ ਤੱਕ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ,ਜਿਸ ਨਾਲ ਬਹੁਤ ਸਾਰੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਮਿਲ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖਿਆ ਹਰ ਇਕ ਵਿਦਿਆਰਥੀ ਦਾ ਅਧਿਕਾਰ ਹੈ ਅਤੇ ਕਿਸੇ ਵੀ ਬੱਚੇ ਦਾ ਭਵਿੱਖ ਸਿਰਫ਼ ਆਰਥਿਕ ਕਮਜ਼ੋਰੀ ਕਾਰਨ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ,ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਕਾਲਜ ਵੱਲੋਂ ਅਸੀਸ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਾਲਜ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਉੱਚ ਸਿੱਖਿਆ ਦੀਆਂ ਵਧਦੀਆਂ ਲਾਗਤਾਂ ਕਾਰਨ ਕਈ ਹੋਣਹਾਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।ਅਸੀਸ ਸਕਾਲਰਸ਼ਿਪ ਦਾ ਮੁੱਖ ਮਕਸਦ ਅਜਿਹੇ ਵਿਦਿਆਰਥੀਆਂ ਨੂੰ ਆਰਥਿਕ ਸਹਾਰਾ ਦੇਣਾ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਹੁਤ ਸਾਰੇ ਵਿਦਿਆਰਥੀਆਂ ਨੂੰ ਫੀਸ ਵਿੱਚ ਵੱਡੀ ਰਾਹਤ ਮਿਲੀ ਹੈ,ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਿਆ ਹੈ। ਕਾਲਜ ਦੇ ਪ੍ਰਿੰਸੀਪਲ ਡਾ.ਵੀਰਪਾਲ ਨੇ ਕਿਹਾ ਕਿ ਸੰਤ ਕਬੀਰ ਕਾਲਜ ਸਿਰਫ਼ ਡਿਗਰੀਆਂ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖਣ ਲਈ ਵੀ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਅਸੀਸ ਸਕਾਲਰਸ਼ਿਪ ਰਾਹੀਂ ਕਾਲਜ ਸਮਾਜ ਦੇ ਹਰ ਵਰਗ ਤੱਕ ਸਿੱਖਿਆ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਨਾਲ ਜੋੜਨ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਨ ਨੂੰ ਵਿਸ਼ਵਾਸ ਹੈ ਕਿ ਅਸੀਸ ਸਕਾਲਰਸ਼ਿਪ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਧ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਖੇਤਰ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਿਚ ਮਦਦਗਾਰ ਸਾਬਤ ਹੋਵੇਗੀ।