ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ : ਪਿੰਡ ਥਾਂਦੇਵਾਲਾ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਪਿੰਡ ਦੇ ਲੋਕਾਂ ਵੱਲੋਂ ਸਰਪੰਚ ਸਤਨਾਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਰਪੰਚ ਸਤਨਾਮ ਸਿੰਘ ਵੱਲੋਂ ਪਿੰਡ 'ਚ ਮਨਰੇਗਾ ਕੰਮ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਤੇ ਗਰੀਬ ਕਾਰਡ ਧਾਰਕਾਂ ਦੇ ਖਾਤਿਆਂ 'ਚ ਆਪ ਪੈਰਵਾਈ ਕਰ ਕੇ ਜਲਦ ਤੋਂ ਜਲਦ ਪੈਸੇ ਪਵਾਏ ਜਾ ਰਹੇ ਹਨ ਤਾਂ ਕਿ ਮਿਹਨਤਕਸ਼ ਲੋਕਾਂ ਨੂੰ ਮੁਸ਼ਕਲ ਨਾ ਆਵੇ। ਇਸ ਤੋਂ ਇਲਾਵਾ ਪਿੰਡ 'ਚ ਅਧੂਰੇ ਪਏ ਕੰਮਾਂ ਨੂੰ ਨੇਪਰੇ ਚੜ੍ਹਾਉਣ 'ਚ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਸਰਪੰਚ ਦੇ ਕੰਮਾਂ ਨੂੰ ਦੇਖਦਿਆਂ ਸਮੂਹ ਨਰੇਗਾ ਮਜ਼ਦੂਰਾਂ ਤੇ ਹੋਰ ਲੋਕਾਂ ਵੱਲੋਂ ਸਰਪੰਚ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।