- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਫਿਰੋਜ਼ਪੁਰ ਦਿਹਾਤੀ ਅਤੇ ਜ਼ੀਰਾ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜ਼ਨੀਸ਼ ਦਹੀਆ ਅਤੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਯੂਨੀਅਨ ਆਗੂਆਂ ਮੋਹਿਨੀ ਸ਼ਰਮਾ ਵਾਈਸ ਪ੍ਰਧਾਨ, ਗੁਰਸੇਵਕ ਸਿੰਘ ਜਨਰਲ ਸਕੱਤਰ, ਹਰਭਜਨ ਸਿੰਘ ਜ਼ਿਲ੍ਹਾ ਪ੍ਰਧਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਗਈ। ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗ ਦੇ ਮੰਤਰੀ ਅਮਨ ਅਰੋੜਾ ਨਾਲ ਵੀ ਮੀਟਿੰਗ ਕਰਵਾਈ ਜਾਵੇ, ਤਾਂ ਜੋ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦਾ ਠੋਸ ਹੱਲ ਕੱਢਿਆ ਜਾ ਸਕੇ। ਯੂਨੀਅਨ ਦੀ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਪ੍ਰਾਈਵੇਟ ਕੰਪਨੀਆਂ ਰਾਹੀਂ ਚਲਾਏ ਜਾ ਰਹੇ ਸੇਵਾ ਕੇਂਦਰ ਪ੍ਰੋਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਤੋਂ ਮੁਕਤ ਕਰਵਾ ਕੇ ਸਿੱਧੇ ਪੰਜਾਬ ਸਰਕਾਰ ਦੇ ਅਧੀਨ ਲਿਆਂਦਾ ਜਾਵੇ। ਮੌਜੂਦਾ ਸੇਵਾ ਕੇਂਦਰ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਦਿਆਂ ਉਨ੍ਹਾਂ ਨੂੰ ਪੱਕੀਆਂ ਨੌਕਰੀਆਂ ਦੇਣ ਲਈ ਠੋਸ ਨੀਤੀ ਬਣਾਈ ਜਾਵੇ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਮੰਗ ਪੱਤਰ ਸੌਂਪਣ ਅਤੇ ਮੀਟਿੰਗ ਦੀ ਮੰਗ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਦਿੱਤਾ ਜਾਂਦਾ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ ਜਾਂਦੀ ਤਾਂ ਯੂਨੀਅਨ ਵੱਲੋਂ ਮਿਤੀ 22 ਨਵੰਬਰ ਦਿਨ ਐਤਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੀਆਂ ਸਮੂਹ ਮੁਲਾਜ਼ਮ, ਮਜ਼ਦੂਰ, ਕਿਸਾਨ, ਅਧਿਆਪਕ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ ਕਿ ਉਹ ਸੇਵਾ ਕੇਂਦਰ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਵਿੱਚ ਸ਼ਾਮਲ ਹੋ ਕੇ ਸੰਗਰੂਰ ਵਿਖੇ ਸਾਂਝੇ ਤੌਰ ’ਤੇ ਆਵਾਜ਼ ਬੁਲੰਦ ਕਰਨ। ਯੂਨੀਅਨ ਆਗੂਆਂ ਨੇ ਕਿਹਾ ਕਿ ਯੂਨੀਅਨ ਦਾ ਪਹਿਲਾ ਉਦੇਸ਼ ਗੱਲਬਾਤ ਅਤੇ ਆਪਸੀ ਵਿਚਾਰ-ਵਟਾਂਦਰੇ ਰਾਹੀਂ ਮਸਲਿਆਂ ਦਾ ਹੱਲ ਕਰਵਾਉਣਾ ਹੈ। ਪਰ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਉਨ੍ਹਾਂ ਦੀ ਆਵਾਜ਼ ਨੂੰ ਅਣਗੌਲਿਆ ਕਰਦੀ ਹੈ ਤਾਂ ਯੂਨੀਅਨ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਮੋਹਿਨੀ ਸ਼ਰਮਾ, ਵਾਈਸ ਪ੍ਰਧਾਨ, ਗੁਰਸੇਵਕ ਸਿੰਘ ਜਨਰਲ ਸਕੱਤਰ, ਹਰਭਜਨ ਸਿੰਘ ਜ਼ਿਲ੍ਹਾ ਪ੍ਰਧਾਨ, ਸੰਦੀਪ ਸਿੰਘ ਖੋਸਾ ਤੇ ਲਖਵੀਰ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ, ਤੇਜਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।