ਚੋਣ ਜਾਬਤਾ ਲੱਗਣ ਤੋਂ ਪਹਿਲਾਂ ਸੜਕਾਂ ਬਣਾਉਣ ਦੀ ਮੰਗ ਖਸਤਾਹਾਲ ਸੜਕਾਂ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਕਾਲੋਨੀ ਵੈਲਫੇਅਰ ਸੋਸਾਇਟੀ ਨੇ ਨਗਰ ਕੌਂਸਲ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ
Publish Date: Tue, 06 Oct 2026 06:36 PM (IST)
Updated Date: Tue, 06 Oct 2026 06:38 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਮਾੜੀ ਅਤੇ ਖਸਤਾ ਹਾਲਤ ਨੂੰ ਸੁਧਾਰਨ ਲਈ ਇਲਾਕਾ ਨਿਵਾਸੀਆਂ ਵੱਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਸ਼ਹੀਦ ਭਗਤ ਸਿੰਘ ਕਾਲੌਨੀ ਵੈਲਫੇਅਰ ਸੋਸਾਇਟੀ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕਰਕੇ ਮਤਾ ਪਾਸ ਕੀਤਾ ਗਿਆ, ਜਿਸ ਤੋਂ ਬਾਅਦ ਸੋਸਾਇਟੀ ਦੇ ਨੁਮਾਇੰਦਿਆਂ ਨੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਪ੍ਰਧਾਨ ਅਸ਼ੋਕ ਕੁਮਾਰ ਸਚਦੇਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ। ਸੋਸਾਇਟੀ ਦੇ ਆਗੂ ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਗਾਮੀ ਚੋਣਾਂ ਦੇ ਚੋਣ ਜਾਬਤੇ ਦੇ ਲੱਗਣ ਤੋਂ ਪਹਿਲਾਂ-ਪਹਿਲਾਂ ਇਹ ਸੜਕਾਂ ਨਵੇਂ ਸਿਰੇ ਤੋਂ ਬਣਾਈਆਂ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਕੁਮਾਰ ਸਚਦੇਵਾ ਨੇ ਸੋਸਾਇਟੀ ਦੇ ਮੈਂਬਰਾਂ ਨੂੰ ਪੂਰਾ ਵਿਸ਼ਵਾਸ ਦੁਆਇਆ ਕਿ ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਭਗਤ ਸਿੰਘ ਕਾਲੌਨੀ ਅਤੇ ਸ਼ਹਿਰ ਦੀਆਂ ਹੋਰਨਾਂ ਪ੍ਰਮੁੱਖ ਅੰਦਰੂਨੀ ਸੜਕਾਂ ਦਾ ਨਿਰਮਾਣ ਕਾਰਜ ਜਲਦ ਹੀ ਨਵੇਂ ਸਿਰੇ ਤੋਂ ਕਰਵਾਇਆ ਜਾਵੇਗਾ। ਇਸ ਮੰਗ ਪੱਤਰ ਦੇਣ ਸਮੇਂ ਸੋਸਾਇਟੀ ਅਤੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਇਨ੍ਹਾਂ ਵਿਚ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਬੋਹੜ ਸਿੰਘ, ਪਰਮਿੰਦਰ ਸਿੰਘ ਹਾਂਡਾ ਐੱਮ.ਸੀ., ਸਤਨਾਮ ਸਿੰਘ ਸਾਬਕਾ ਐੱਮ.ਸੀ., ਸ਼ਹੀਦ ਭਗਤ ਸਿੰਘ ਕਾਲੌਨੀ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਹਰਗੁਰਸ਼ਨ ਸਿੰਘ ਸੰਧੂ, ਚੇਅਰਮੈਨ ਤੀਰਥ ਰਾਮ ਨਾਰੰਗ, ਜਨਰਲ ਸਕੱਤਰ ਅਸ਼ੋਕ ਕੁਮਾਰ ਮਹਿਤਾ ਅਤੇ ਸਮਾਜ ਸੇਵੀ ਅਮਰੀਕ ਸਿੰਘ ਬਰਾੜ ਸਮੇਤ ਹੋਰ ਵੀ ਕਈ ਪਤਵੰਤੇ ਮੈਂਬਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਲਾਕਾ ਨਿਵਾਸੀਆਂ ਨੇ ਆਸ ਪ੍ਰਗਟਾਈ ਹੈ ਕਿ ਪ੍ਰਸ਼ਾਸਨ ਵੱਲੋਂ ਦਿੱਤੇ ਵਿਸ਼ਵਾਸ ਅਨੁਸਾਰ ਜਲਦ ਹੀ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਵੇਗਾ।