ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਫੂਕਿਆ ਪੁਤਲਾ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਨੇ ਲਗਾਇਆ ਧਰਨਾ ਫੂਕਿਆ ਪੁਤਲਾ
Publish Date: Tue, 15 Sep 2026 04:13 PM (IST)
Updated Date: Tue, 15 Sep 2026 04:14 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਬਿਜਲੀ ਸਪਲਾਈ ਵਿਚ ਲੱਗ ਰਹੇ ਲੰਬੇ ਅਤੇ ਅਣ ਐਲਾਨੇ ਕੱਟਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਦਫ਼ਤਰ ਵਿਖੇ ਵਿਸ਼ਾਲ ਧਰਨਾ ਲਗਾਇਆ ਗਿਆ ਅਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਪੰਜਾਬ ਦੇ ਲੋਕ ਲੰਬੇ ਅਣਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹਨ ਅਤੇ ਕਿਸਾਨਾਂ ਨੂੰ ਵੀ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਨਹੀਂ ਮਿਲ ਰਹੀ। ਵਰਦੇਵ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਮੰਗ ਹਰ ਸਾਲ ਲਗਾਤਾਰ ਵੱਧ ਰਹੀ ਹੈ, ਪਰ ਪਿਛਲੀਆਂ ਸਰਕਾਰਾਂ ਵੱਲੋਂ ਨਵੀਂ ਬਿਜਲੀ ਪੈਦਾਵਾਰ ਵਧਾਉਣ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਮੇਂ ਵਿੱਚ ਕਈ ਇਲਾਕਿਆਂ ਵਿੱਚ 14-14 ਘੰਟਿਆਂ ਤੱਕ ਬਿਜਲੀ ਦੇ ਕੱਟ ਲੱਗ ਰਹੇ ਹਨ, ਜਦਕਿ ਕਿਸਾਨਾਂ ਨੂੰ ਮੋਟਰਾਂ ਲਈ ਵੀ ਦੋ ਘੰਟਿਆਂ ਤੋਂ ਵੱਧ ਬਿਜਲੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਨੋਨੀ ਮਾਨ ਨੇ ਕਿਹਾ ਕਿ ਸੂਬੇ ਅੰਦਰ ਅੱਜ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ। ਫਿਰੌਤੀਆਂ, ਲੁੱਟਾਂ-ਖੋਹਾਂ ਤੇ ਹੋਰ ਅਪਰਾਧਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਥਾਣਿਆਂ ਤੱਕ ਵਿੱਚ ਧਮਾਕੇ ਹੋ ਰਹੇ ਹੋਣ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਜਿਸ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਖ-ਵੱਖ ਸਰਕਾਰਾਂ ਨੂੰ ਮੌਕਾ ਦੇ ਕੇ ਦੇਖ ਲਿਆ ਹੈ ਅਤੇ ਹੁਣ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਨੋਨੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਲੋਕ ਹਿੱਤਾਂ ਦੀ ਰਾਖੀ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਪ੍ਰੀਤਮ ਸਿੰਘ ਮਲਸੀਆਂ, ਪਵਨ ਦੁੱਗਲ ਸਰਪੰਚ, ਐਡਵੋਕੇਟ ਮਿੰਟੂ ਗਿੱਲ, ਹੈਪੀ ਭੰਡਾਰੀ, ਪੰਕਜ ਮੰਡੋਰਾ, ਰਚਿਤ ਸੋਢੀ, ਰਵੀ ਭਲਵਾਨ, ਹੈਪੀ ਬਰਾੜ ਝੰਡੂ ਵਾਲਾ, ਜਸਵਿੰਦਰ ਸਿੰਘ ਬਾਗੂਵਾਲਾ, ਹਰਪਾਲ ਸਿੰਘ ਬੇਦੀ, ਹਰਜਿੰਦਰ ਸਿੰਘ ਕਿਲੀ, ਸਤਨਾਮ ਸਿੰਘ ਰਾਜੂ, ਮਨਜੀਤ ਸਿੰਘ ਵਾਹਰਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।