ਲੋਕ ਸਮੱਸਿਆਵਾਂ ਨੂੰ ਹੱਲ ਕਰਨਾ ਮੁੱਖ ਉਦੇਸ਼ : ਸ਼ੰਕਰ ਕਟਾਰੀਆ
ਜ਼ੀਰਾ ਹਲਕੇ ਦੇ ਵਿਕਾਸ ਮੁੱਦਿਆਂ ’ਤੇ ਯੂਥ ਆਗੂ ਸ਼ੰਕਰ ਕਟਾਰੀਆ ਨਾਲ ਵਿਸ਼ੇਸ਼ ਗੱਲਬਾਤ
Publish Date: Sun, 01 Mar 2026 05:45 PM (IST)
Updated Date: Sun, 01 Mar 2026 05:46 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਜ਼ੀਰਾ ਹਲਕੇ ਨਾਲ ਸਬੰਧਤ ਯੂਥ ਆਗੂ ਸ਼ੰਕਰ ਕਟਾਰੀਆ ਨੇ ਸਿਟੀ ਪ੍ਰੈਸ ਕਲੱਬ ਮੱਲਾਂਵਾਲਾ ਵਿਖੇ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਤਿਆਰੀਆਂ ਅਤੇ ਆਗਾਮੀ ਰਣਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੇ ਦਰਵਾਜ਼ੇ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਅਤੇ ਹਲਕੇ ਦੇ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਗੱਲਬਾਤ ਦੌਰਾਨ ਸ਼ੰਕਰ ਕਟਾਰੀਆ ਨੇ ਕਿਹਾ ਕਿ ਜ਼ੀਰਾ ਹਲਕੇ ਦੇ ਮੁੱਖ ਮਸਲੇ ਕਿਸਾਨੀ, ਸਿੱਖਿਆ, ਸਿਹਤ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨਾ ਪਾਰਟੀ ਦੀ ਪਹਿਲੀ ਤਰਜੀਹ ਹੈ। ਖੇਤੀਬਾੜੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸਰਕਾਰ ਵੱਲੋਂ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਉਨ੍ਹਾਂ ਨੂੰ ਰਾਜਨੀਤਿਕ ਪ੍ਰਕਿਰਿਆ ਵਿੱਚ ਸ਼ਾਮਲ ਕਰਨ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਐੱਮਐੱਲਏ ਨਰੇਸ਼ ਕਟਾਰੀਆ ਵੱਲੋਂ ਇਲਾਕੇ ਵਿੱਚ ਬੱਸ ਅੱਡੇ ਦੇ ਨਿਰਮਾਣ, ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਸਿਹਤ ਸੇਵਾਵਾਂ ਦੇ ਵਿਸਥਾਰ ਸੰਬੰਧੀ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਕਾਰਵਾਈ ਜਾਰੀ ਹੈ। ਮੱਲਾਂਵਾਲਾ ਵਿੱਚ ਨਵੇਂ ਬੱਸ ਅੱਡੇ ਲਈ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਕੋਲ ਭੇਜਿਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਜਲਦ ਹੀ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਮਿਲੇਗੀ ਅਤੇ ਨਿਰਮਾਣ ਕਾਰਜ ਸ਼ੁਰੂ ਹੋਣਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਸੁਵਿਧਾ ਵਿਚ ਸੁਧਾਰ ਮਿਲੇਗਾ। ਅੰਤ ਵਿੱਚ ਸ਼ੰਕਰ ਕਟਾਰੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੱਲਾਂਵਾਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।