ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਸੈਮੀਨਾਰ ਕਰਵਾਇਆ
ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ‘ਨਸ਼ੇ ਵਿਰੁੱਧ ਜੰਗ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ
Publish Date: Sat, 09 May 2026 07:24 PM (IST)
Updated Date: Sat, 09 May 2026 07:26 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਥਾਨਕ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ‘ਨਸ਼ੇ ਵਿਰੁੱਧ ਜੰਗ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਮਹਿਮਾਨਾਂ ਵਜੋਂ ਐੱਸਪੀ ਮਨਜੀਤ ਸਿੰਘ, ਡੀਐੱਸਪੀ ਸੁਖਵਿੰਦਰ ਸਿੰਘ ਅਤੇ ਇੰਸਪੈਕਟਰ ਸੂਬੇਦਾਰ ਨਰਿੰਦਰ ਸਿੰਘ ਨੇ ਆਪਣੇ ਸਟਾਫ਼ ਸਮੇਤ ਪਹੁੰਚ ਕੇ ਵਿਦਿਆਰਥੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਨਾ ਸਿਰਫ਼ ਇਕ ਵਿਅਕਤੀ ਨੂੰ ਸਰੀਰਕ ਤੌਰ ’ਤੇ ਖ਼ਤਮ ਕਰਦਾ ਹੈ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਦੀਆਂ ਜੜ੍ਹਾਂ ਖੋਖਲੀਆਂ ਕਰ ਦਿੰਦਾ ਹੈ। ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਣਾ ਕੇ ਖੇਡਾਂ ਅਤੇ ਸਿੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ, ਡਾਇਰੈਕਟਰ ਯੋਗਸ਼ ਬਾਂਸਲ, ਪ੍ਰਿੰਸੀਪਲ ਡਾ. ਸੁਮਨਲਤਾ ਅਤੇ ਸਮੂਹ ਅਧਿਆਪਕ ਵਰਗ ਵੱਲੋਂ ਪੁਲਿਸ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੈਮੀਨਾਰ ਦੇ ਅੰਤ ਵਿਚ ਕਾਲਜ ਦੇ ਚੇਅਰਮੈਨ ਅਤੇ ਡਾਇਰੈਕਟਰ ਵੱਲੋਂ ਆਏ ਹੋਏ ਪੁਲਿਸ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਸਹੁੰ ਚੁੱਕੀ ਕਿ ਉਹ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵਿਚ ਆਪਣਾ ਪੂਰਾ ਸਹਿਯੋਗ ਦੇਣਗੇ।