- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸ.ਐੱਸ.ਪੀ. ਨੇ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਮਨੋਰਥ ਨਾਲ ਫ਼ਿਰੋਜ਼ਪੁਰ ਪੁਲਿਸ ਵੱਲੋਂ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਐੱਸ.ਐੱਸ.ਪੀ. ਭੂਪਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕੀਤਾ। ਸਕੂਲ ਦੇ ਵਿਸ਼ਨੂੰ ਭਗਵਾਨ ਰਾਏ ਬਹਾਦਰ ਆਡੀਟੋਰੀਅਮ ਵਿਚ ਆਯੋਜਿਤ ਇਸ ਸੈਮੀਨਾਰ ਵਿਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਹੀ ਫ਼ੈਸਲੇ ਲੈਣ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ। ਪ੍ਰਿੰਸੀਪਲ ਰੂਚੀ ਪਾਂਡੇ ਵੱਲੋਂ ਐੱਸ.ਐੱਸ.ਪੀ. ਸਮੇਤ ਹੋਰ ਪੁਲਿਸ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ। ਐੱਸ.ਐੱਸ.ਪੀ. ਭੂਪਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਮੰਨ ਕੇ ਉਨ੍ਹਾਂ ਪ੍ਰਤੀ ਗਲਤ ਧਾਰਨਾ ਨਹੀਂ ਬਣਾਉਣੀ ਚਾਹੀਦੀ। ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੂੜ੍ਹੀਵਾਦੀ ਸੋਚ ਤੋਂ ਉੱਪਰ ਉੱਠ ਕੇ ਨਸ਼ਿਆਂ ਦੀ ਸਮੱਸਿਆ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਵਿਦਿਆਰਥੀਆਂ ਨੇ ਨਸ਼ਾ ਤਸਕਰੀ, ਪੁਲਿਸ ਦੀ ਕਾਰਵਾਈ, ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਖ਼ਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ਨਾਲ ਸਬੰਧਤ ਕਈ ਸਵਾਲ ਪੁੱਛੇ। ਐੱਸ.ਐੱਸ.ਪੀ. ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੂੰ ਨਸ਼ਿਆਂ ਦੀ ਸਮੱਸਿਆ ਅਤੇ ਇਸ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਅਤੇ ਆਸ-ਪਾਸ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਅਤੇ ਸਮਾਜ ਵਿਚ ਹਾਂਪੱਖੀ ਬਦਲਾਅ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਹੈਲਪਲਾਈਨ ਨੰਬਰ ਵੀ ਸਾਂਝਾ ਕੀਤਾ ਅਤੇ ਸ਼ੱਕੀ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਤੇ ਨਸ਼ਿਆਂ ਨਾਲ ਜੁੜੇ ਮਾਮਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਬੰਧਤ ਜਾਣਕਾਰੀ ਮਿਲਣ ’ਤੇ ਉਚਿਤ ਕਾਰਵਾਈ ਕੀਤੀ ਜਾਵੇਗੀ। ਪ੍ਰਿੰਸੀਪਲ ਨੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਦਾ ਵਿਦਿਆਰਥੀਆਂ ਨੂੰ ਕੀਮਤੀ ਮਾਰਗਦਰਸ਼ਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਡੀ.ਐੱਸ.ਪੀ. ਸੁਖਵਿੰਦਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।