ਸੀਐੱਮ ਦੀ ਰੈਲੀ ਨੂੰ ਲੈ ਕੇ ਐੱਸਐੱਸਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਮੁੱਖ ਮੰਤਰੀ ਦੀ ਰੈਲੀ ਨੂੰ ਲੈ ਕੇ ਐੱਸਐੱਸਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Sat, 05 Sep 2026 06:50 PM (IST)
Updated Date: Sat, 05 Sep 2026 06:52 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਅਨਾਜ ਮੰਡੀ ਜ਼ੀਰਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਸਤਾਵਿਤ ਰੈਲੀ ਨੂੰ ਲੈ ਕੇ ਫ਼ਿਰੋਜ਼ਪੁਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਐੱਸਐੱਸਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਜ਼ੀਰਾ ਸਮੇਤ ਅਹਿਮ ਸਥਾਨਾਂ ਦਾ ਜਾਇਜ਼ਾ ਲੈਂਦਿਆਂ ਸੁਰੱਖਿਆ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਡਿਊਟੀ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਵਿੱਚ ਕਿਸੇ ਵੀ ਪੱਧਰ ’ਤੇ ਢਿੱਲ ਦੀ ਕੋਈ ਗੁੰਜਾਇਸ਼ ਨਹੀਂ ਹੋਵੇਗੀ।ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਮਜ਼ਬੂਤ ਰੱਖਣ, ਸੰਵੇਦਨਸ਼ੀਲ ਥਾਵਾਂ ’ਤੇ ਨਿਗਰਾਨੀ ਵਧਾਉਣ ਅਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੇ ਨਾਲ ਹੀ ਰੈਲੀ ਵਾਲੇ ਰਸਤੇ ’ਤੇ ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਢੁੱਕਵੇਂ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਹਰ ਮੁਲਾਜ਼ਮ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਚੌਕਸੀ ਨਾਲ ਨਿਭਾਏ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਐੱਸਪੀ (ਡੀ) ਮਨਜੀਤ ਸਿੰਘ, ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ, ਜ਼ਿਲ੍ਹਾ ਟਰੈਫ਼ਿਕ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।