ਸਿਹਤ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਕੀਤਾ ਜਾਵੇ: ਸਿਵਲ ਸਰਜਨ
ਸੂਬਾ ਸਰਕਾਰ ਦੀਆ ਸਿਹਤ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਇੰਨ ਬਿੰਨ ਲਾਗੂ ਕੀਤਾ ਜਾਵੇ: ਸਿਵਲ ਸਰਜਨ
Publish Date: Thu, 15 Jan 2026 05:49 PM (IST)
Updated Date: Fri, 16 Jan 2026 04:07 AM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨੂੰ ਲੈ ਕੇ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਢੰਗ ਨਾਲ ਲਾਗੂ ਕਰਨ ਦੇ ਲਈ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫ਼ਿਰੋਜ਼ਪੁਰ ਵੱਲੋਂ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ ਮੈਡੀਕਲ ਅਫਸਰਾਂ ਨਾਲ ਜ਼ੂਮ ਮੀਟਿੰਗ ਕੀਤੀ ਗਈ। ਇਸ ਮੌਕੇ ਜਿੱਥੇ ਉਨ੍ਹਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਇੰਨ ਬਿੰਨ ਲਾਗੂ ਕਰਨ ਲਈ ਕਿਹਾ ਉੱਥੇ ਹੀ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਰਪੇਸ਼ ਨਾ ਆਵੇ ਇਸ ਦੀ ਵੀ ਹਦਾਇਤ ਕੀਤੀ। ਦੱਸਣਯੋਗ ਹੈ ਕਿ ਸਿਹਤ ਵਿਭਾਗ ਫਿਰੋਜ਼ਪੁਰ ਅਧੀਨ ਜ਼ਿਲ੍ਹੇ ਵਿਚ 28 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ ਜਿੱਥੇ ਵੱਡੀ ਗਿਣਤੀ ਚਿ ਮਰੀਜ਼ਾਂ ਵਲੋਂ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸੂਬਾ ਸਰਕਾਰ ਦੀ ਮਹੱਤਵਕਾਂਸ਼ੀ ਯੋਜਨਾ ਹੈ, ਜਿਸਦਾ ਮੁੱਖ ਮਕਸਦ ਆਮ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਇਕ ਹੋਰ ਸਿਹਤ ਸਹੂਲਤ ਦਾ ਵਾਧਾ ਕੀਤਾ ਗਿਆ ਹੈ, ਜਿਸ ਤਹਿਤ ਅਲਟਰਾ ਸਾਊਂਡ ਸੈਂਟਰਜ਼ ਨੂੰ ਸੂਚੀਬੱਧ ਕੀਤਾ ਗਿਆ ਹੈ ਜਿੱਥੇ ਡਾਕਟਰਾਂ ਦੀ ਸਲਾਹ ਤੇ ਇਨ੍ਹਾਂ ਕਲੀਨਿਕ ਰਾਹੀਂ ਗਰਭਵਤੀ ਔਰਤਾਂ ਦੇ ਮੁਫ਼ਤ ਅਲਟਰਾ ਸਾਊਂਡ ਕਰਵਾਏ ਜਾ ਰਹੇ ਹਨ, ਜਿਸ ਦਾ ਮਰੀਜ਼ਾਂ ਨੂੰ ਫਾਇਦਾ ਮਿਲ ਰਿਹਾ ਹੈ। ਡਾ. ਪਰਾਸ਼ਰ ਨੇ ਕਿਹਾ ਕਿ ਹੁਣ ਆਮ ਆਦਮੀ ਕਲੀਨਿਕ ਵਿਚ ਜੱਚਾ ਬੱਚਾ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਅਤੇ ਸਮੂਹ ਏਐੱਨਐੱਮ ਅਤੇ ਆਸ਼ਾ ਨੂੰ ਹਦਾਇਤ ਕੀਤੀ ਹੈ ਕਿ ਗਰਭਵਤੀ ਮਹਿਲਾਵਾਂ ਦੇ ਟੈਸਟ ਅਤੇ ਜਾਂਚ ਆਮ ਆਦਮੀ ਕਲੀਨਿਕ ਵਿਚ ਕਰਵਾਈ ਜਾਵੇ ਤਾਂ ਜੋ ਮੈਟਰਨਲ ਡੈਥ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਆਮ ਆਦਮੀ ਕਲੀਨਿਕਾਂ ਵਿਚ 40 ਦੇ ਕਰੀਬ ਮੈਡੀਕਲ ਲੈਬੋਰਟਰੀ ਟੈਸਟ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਐਂਟੀ ਰੇਬੀਜ਼ ਟੀਕੇ ਵੀ ਮਰੀਜ਼ਾਂ ਨੂੰ ਲੱਗ ਰਹੇ ਹਨ। ਇਸ ਮੌਕੇ ਡਾ. ਗੁਰਮੇਜ ਰਾਮ ਡੀਐੱਮਸੀ, ਹਰੀਸ਼ ਕਟਾਰੀਆ ਡੀਪੀਐੱਮ ਹਾਜ਼ਰ ਸਨ।