ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਨਾਲ ਪੰਜਾਬ ’ਚ ਸਤਿਕਾਰ ਤੇ ਸਾਂਝ ਹੋਵੇਗੀ ਮਜ਼ਬੂਤ
ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਨਾਲ ਪੰਜਾਬ ’ਚ ਸਤਿਕਾਰ ਤੇ ਸਾਂਝ ਹੋਵੇਗੀ ਮਜ਼ਬੂਤ
Publish Date: Wed, 15 Apr 2026 05:10 PM (IST)
Updated Date: Wed, 15 Apr 2026 05:12 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਲਿਆਂਦਾ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ-2026’ ਇਕ ਦੂਰਦਰਸ਼ੀ ਅਤੇ ਇਤਿਹਾਸਕ ਫ਼ੈਸਲਾ ਵਜੋਂ ਸਾਹਮਣੇ ਆਇਆ ਹੈ। ਕਰਿਆਨਾ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਭਾਟੀਆ ਨੇ ਇਸ ਬਿਲ ਨੂੰ ਧਾਰਮਿਕ ਅਕੀਦੇ ਦੀ ਰਾਖੀ ਅਤੇ ਪੰਜਾਬ ਦੀ ਅਮਨ-ਸ਼ਾਂਤੀ ਲਈ ਮੀਲ ਪੱਥਰ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨ ਅਧੀਨ ਬੇਅਦਬੀ ਦੇ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਲੱਖ ਤੋਂ 25 ਲੱਖ ਰੁਪਏ ਤੱਕ ਦੇ ਭਾਰੀ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਮਲਿਆਂ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੁਣ ਜਾਂਚ ਸਿਰਫ਼ ਡੀਐੱਸਪੀ ਰੈਂਕ ਤੋਂ ਉੱਪਰ ਦੇ ਅਧਿਕਾਰੀਆਂ ਵੱਲੋਂ ਹੀ ਕੀਤੀ ਜਾਵੇਗੀ, ਜਿਸ ਨਾਲ ਪਾਰਦਰਸ਼ਿਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਬਿਲ ਸਪਸ਼ਟ ਸੰਦੇਸ਼ ਦਿੰਦਾ ਹੈ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ ਨੂੰ ਖਰਾਬ ਕਰਨ ਵਾਲਿਆਂ ਲਈ ਹੁਣ ਕੋਈ ਥਾਂ ਨਹੀਂ ਰਹੇਗੀ।