ਮਿਲਾਵਟਖੋਰੀ ਵਿਰੁੱਧ ਡਟੇ ਫੂਡ ਸੇਫਟੀ ਇੰਸਪੈਕਟਰ ਦੀ ਬਹਾਲੀ ਲਈ ਸੰਘਰਸ਼ ਹੋਇਆ ਤੇਜ਼ ਮਿਲਾਵਟਖੋਰੀ ਵਿਰੁੱਧ ਡਟੇ ਫੂਡ ਸੇਫਟੀ ਇੰਸਪੈਕਟਰ ਦੀ ਬਹਾਲੀ ਲਈ ਸੰਘਰਸ਼ ਹੋਇਆ ਤੇਜ਼
Publish Date: Wed, 07 Oct 2026 05:33 PM (IST)
Updated Date: Wed, 07 Oct 2026 05:35 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਖਾਧ ਪਦਾਰਥਾਂ ਦੀ ਮਿਲਾਵਟ ਵਿਰੁੱਧ ਕਾਰਵਾਈ ਨੂੰ ਲੈ ਕੇ ਚਰਚਾ ਵਿੱਚ ਰਹੇ ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਇਕ ਹਫ਼ਤੇ ਦਾ ਦਿੱਤਾ ਅਲਟੀਮੇਟਮ ਸਮਾਪਤ ਹੋਣ ਦੇ ਬਾਵਜੂਦ ਸਰਕਾਰ ਜਾਂ ਸਬੰਧਤ ਵਿਭਾਗ ਵੱਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਤੇ ਵੱਖ-ਵੱਖ ਕਿਸਾਨ, ਮਜ਼ਦੂਰ, ਸਮਾਜਿਕ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਨੇ ਰੋਸ ਪ੍ਰਗਟ ਕਰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਘੰਟਾ ਘਰ ਚੌਕ ਜ਼ੀਰਾ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕਮਿਸ਼ਨਰ ਕਮਲਪ੍ਰੀਤ ਕੌਰ ਅਰੋੜਾ ਦੇ ਰਵੱਈਏ ਵਿਰੁੱਧ ਰੋਸ ਦਰਜ ਕਰਵਾਇਆ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੰਗ ਨਾ ਮੰਨੇ ਜਾਣ ਦੀ ਸੂਰਤ ਵਿੱਚ ਉਹ ਆਰ-ਪਾਰ ਦਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਜ਼ੀਰਾ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵੱਖ-ਵੱਖ ਅਧਿਕਾਰੀ ਆਪਣੀ ਸੇਵਾ ਨਿਭਾ ਕੇ ਜਾਂਦੇ ਰਹੇ ਹਨ, ਪਰ ਅਭਿਨਵ ਖੋਸਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਦੀ ਜਾਂਚ ਅਤੇ ਕਾਰਵਾਈ ਨੂੰ ਲੈ ਕੇ ਦਿਖਾਈ ਗਈ ਸਰਗਰਮੀ ਬਾਰੇ ਜਥੇਬੰਦੀਆਂ ਦਾ ਦਾਅਵਾ ਹੈ ਕਿ ਇਸ ਦੀ ਮਿਸਾਲ ਘੱਟ ਹੀ ਮਿਲਦੀ ਹੈ। ਆਗੂਆਂ ਅਨੁਸਾਰ ਆਪਣੇ ਕਾਰਜਕਾਲ ਦੌਰਾਨ ਅਭਿਨਵ ਖੋਸਲਾ ਨੇ ਛੋਟੇ-ਵੱਡੇ ਵਪਾਰਕ ਅਦਾਰਿਆਂ, ਰੈਸਟੋਰੈਂਟਾਂ, ਢਾਬਿਆਂ ਅਤੇ ਦੁੱਧ, ਪਨੀਰ ਸਮੇਤ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਖਾਧ ਵਸਤਾਂ ਦੀ ਜਾਂਚ ਕੀਤੀ। ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿੱਥੇ ਨਮੂਨੇ ਮਿਆਰਾਂ ਤੇ ਖਰੇ ਨਾ ਉਤਰੇ, ਉੱਥੇ ਬਿਨਾਂ ਕਿਸੇ ਦਬਾਅ ਦੇ ਕਾਨੂੰਨੀ ਕਾਰਵਾਈ ਅੱਗੇ ਵਧਾਈ ਗਈ। ਜਥੇਬੰਦੀਆਂ ਨੇ ਇਹ ਵੀ ਕਿਹਾ ਕਿ ਇੰਸਪੈਕਟਰ ਵੱਲੋਂ ਨਵੇਂ ਨਮੂਨੇ ਲੈਣ ਦੇ ਨਾਲ-ਨਾਲ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਸਰਕਾਰੀ ਜੁਰਮਾਨਿਆਂ ਦੀ ਵਸੂਲੀ ਲਈ ਵੀ ਕਾਰਵਾਈ ਕੀਤੀ ਗਈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਲਾਭ ਮਿਲਿਆ। ਆਗੂਆਂ ਨੇ ਕਿਹਾ ਕਿ ਅਜਿਹੇ ਅਧਿਕਾਰੀ ਨੂੰ ਅਚਾਨਕ ਅਹੁਦੇ ਤੋਂ ਹਟਾਉਣ ਨਾਲ ਮਿਲਾਵਟਖੋਰੀ ਵਿਰੁੱਧ ਚੱਲ ਰਹੀ ਕਾਰਵਾਈ ਪ੍ਰਭਾਵਿਤ ਹੋਣ ਦੀ ਚਿੰਤਾ ਪੈਦਾ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਨੂੰ ਹੀ ਮੁਅੱਤਲੀ ਵਰਗੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਤਾਂ ਇਸ ਦਾ ਅਸਰ ਭਵਿੱਖ ਵਿੱਚ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਪੈ ਸਕਦਾ ਹੈ। ਉਨ੍ਹਾਂ ਸਰਕਾਰ ਅਤੇ ਵਿਭਾਗ ਤੋਂ ਮੰਗ ਕੀਤੀ ਕਿ ਮਾਮਲੇ ਤੇ ਤੁਰੰਤ ਸਪੱਸ਼ਟ ਫ਼ੈਸਲਾ ਲਿਆ ਜਾਵੇ। ਜਥੇਬੰਦੀਆਂ ਦੀ ਮੁੱਖ ਮੰਗ ਹੈ ਕਿ ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਮੁੜ ਫ਼ਿਰੋਜ਼ਪੁਰ ਵਿੱਚ ਤਾਇਨਾਤ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੀ ਸਿਹਤ ਨਾਲ ਸਬੰਧਤ ਮਿਲਾਵਟਖੋਰੀ ਵਿਰੁੱਧ ਜਾਂਚ ਅਤੇ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਨਿਰਵਿਘਨ ਜਾਰੀ ਰਹਿਣੀ ਚਾਹੀਦੀ ਹੈ ਅਤੇ ਇਸੇ ਮੰਗ ਨੂੰ ਲੈ ਕੇ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।