- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੇਮਕੁੰਟ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਤੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਰੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਅਧਿਆਪਿਕਾ ਗੁਰਸ਼ਰਨ ਕੌਰ ਨੇ ਬੰਦੀ ਛੋੜ ਦਿਵਸ ਦੇ ਇਤਿਹਾਸਕ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਇਹ ਇਤਿਹਾਸਕ ਦਿਹਾੜਾ ਮਨੁੱਖਤਾ ਨੂੰ ਆਜ਼ਾਦੀ, ਇਨਸਾਫ਼ ਅਤੇ ਪਰਉਪਕਾਰ ਦੀ ਪ੍ਰੇਰਨਾ ਦਿੰਦਾ ਹੈ। ਸੱਭਿਆਚਾਰਕ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭੰਗੜੇ ਅਤੇ ਗਿੱਧੇ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਖੂਬ ਰੰਗ ਬੰਨ੍ਹਿਆ। ਅਧਿਆਪਕ ਨੇਹਾ ਅਤੇ ਜੋਤੀ ਸਿਆਲ ਨੇ ਦੀਵਾਲੀ ਦੀ ਮਹੱਤਤਾ ਸਮਝਾਉਂਦਿਆਂ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਤਿਉਹਾਰਾਂ ਦੀ ਅਸਲ ਭਾਵਨਾ ਸਮਝਣ ਅਤੇ ਸੁਰੱਖਿਅਤ ਢੰਗ ਨਾਲ ਖੁਸ਼ੀਆਂ ਮਨਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਰਮਨਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।