ਗਣਤੰਤਰ ਦਿਵਸ ਸਮਾਰੋਹ ਸਬੰਧੀ ਵਿਦਿਆਰਥੀਆਂ ਦੀ ਰਿਹਰਸਲ
ਗਣਤੰਤਰ ਦਿਵਸ ਸਮਾਰੋਹ ਸਬੰਧੀ ਵਿਦਿਆਰਥੀਆਂ ਦੀ ਰਿਹਰਸਲ,ਪ੍ਰਸ਼ਾਸਨ ਵੱਲੋਂ ਪੂਰੇ ਇੰਤਜ਼ਾਮ
Publish Date: Tue, 20 Jan 2026 07:13 PM (IST)
Updated Date: Tue, 20 Jan 2026 07:15 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਨੂੰ ਸਫਲ ਅਤੇ ਯਾਦਗਾਰ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਸਾਂਸਕ੍ਰਿਤਕ ਅਤੇ ਦੇਸ਼ਭਗਤੀ ਪ੍ਰੋਗਰਾਮਾਂ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਲਗਭਗ 250 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ,ਸਮੂਹ ਨ੍ਰਿਤ ਅਤੇ ਨਾਟਕਾਂ ਦੀ ਪੇਸ਼ਕਾਰੀ ਰਾਹੀਂ ਦੇਸ਼ ਪ੍ਰਤੀ ਆਪਣੇ ਜਜ਼ਬੇ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ ਗਿਆ। ਪ੍ਰੋਗਰਾਮਾਂ ਦੀ ਚੋਣ ਅਤੇ ਵਿਧੀਬੱਧ ਰਿਹਰਸਲ ਲਈ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਐੱਸਡੀਐੱਮ ਦਫ਼ਤਰ ਦੇ ਕਰਮਚਾਰੀਆਂ ਦੀ ਵਿਸ਼ੇਸ਼ ਕਮੇਟੀ ਵੱਲੋਂ ਬਰੀਕੀ ਨਾਲ ਨਿਗਰਾਨੀ ਕੀਤੀ ਗਈ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਸੰਦੀਪ ਗੋਇਲ ਇੰਚਾਰਜ਼ ਇਲੈਕਸ਼ਨ ਸੈੱਲ ਐੱਸਡੀਐੱਮ ਦਫ਼ਤਰ ਜ਼ੀਰਾ ਅਤੇ ਰੋਬਿਨ ਸਚਦੇਵਾ ਨੇ ਜਾਣਕਾਰੀ ਦਿੱਤੀ ਕਿ 24 ਜਨਵਰੀ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਫੁੱਲ ਡਰੈੱਸ ਫਾਈਨਲ ਰਿਹਰਸਲ ਤਹਿਸੀਲਦਾਰ ਜ਼ੀਰਾ ਸਤਿੰਦਰਪਾਲ ਸਿੰਘ ਦੀ ਦੇਖਰੇਖ ਹੇਠ ਕਰਵਾਈ ਜਾਵੇਗੀ। ਉਨ੍ਹਾਂ ਮੀਡੀਆ ਰਾਹੀਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਜਨਵਰੀ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਦੇਸ਼ ਦੇ ਇਸ ਪਵਿੱਤਰ ਤਿਉਹਾਰ ਨੂੰ ਸਾਂਝੇ ਤੌਰ ’ਤੇ ਮਨਾਇਆ ਜਾਵੇ।