ਹਲਕਾ ਫਿਰੋਜ਼ਪੁਰ ਦਿਹਾਤੀ ’ਚ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ
Publish Date: Thu, 12 Nov 2026 06:23 PM (IST)
Updated Date: Thu, 12 Nov 2026 06:24 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਦਫ਼ਤਰ ਫਿਰੋਜ਼ਪੁਰ ਵੱਲੋਂ (ਸਵੀਪ) ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 77-ਫਿਰੋਜ਼ਪੁਰ ਦਿਹਾਤੀ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ 11 ਅਤੇ 12 ਨਵੰਬਰ ਨੂੰ ਲੇਖ-ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਲੋਕਤੰਤਰ ਅਤੇ ਚੋਣ ਪ੍ਰਕਿਰਿਆ ਸਬੰਧੀ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਮੁਹਿੰਮ ਤਹਿਤ ਐੱਸਬੀਐੱਸ ਯੂਨੀਵਰਸਿਟੀ, ਸੁਰਜੀਤ ਮੈਮੋਰੀਅਲ ਕਾਲਜ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਗੇ ਕੇ ਪਿੱਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਸੋਢੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਸ਼ਾਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਲ ਖੁਰਦ, ਪੀਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁਦਕੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਨਾਂ ਮੱਤੜ, ਸਰਕਾਰੀ ਹਾਈ ਸਕੂਲ ਰਾਓਕੇ ਹਿਠਾੜ, ਸਰਕਾਰੀ ਹਾਈ ਸਕੂਲ ਖੁੰਦੜ ਗੱਟੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਦੇ ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਹਿੱਸਾ ਲਿਆ।ਲੇਖ-ਲਿਖਣ ਮੁਕਾਬਲੇ ਵਿੱਚ ਸਕੂਲੀ ਵਿਦਿਆਰਥੀਆਂ ਲਈ 500 ਤੋਂ 800 ਸ਼ਬਦ ਅਤੇ ਕਾਲਜ ਵਿਦਿਆਰਥੀਆਂ ਲਈ 800 ਤੋਂ 1200 ਸ਼ਬਦਾਂ ਦੀ ਸੀਮਾ ਨਿਰਧਾਰਤ ਕੀਤੀ ਗਈ ਸੀ। ਵਿਦਿਆਰਥੀਆਂ ਨੂੰ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਦਿੱਤਾ ਗਿਆ।ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿੱਚ 50 ਬਹੁ-ਵਿਕਲਪੀ ਪ੍ਰਸ਼ਨ ਸ਼ਾਮਲ ਕੀਤੇ ਗਏ, ਜਿਨ੍ਹਾਂ ਵਿੱਚ ਵੋਟਰ ਸੂਚੀ, ਇਲੈਕਟਰਾਨਿਕ ਵੋਟਿੰਗ ਮਸ਼ੀਨ, ਵੋਟਰ ਵੈਰੀਫਾਇਬਲ ਪੇਪਰ ਆਡਿਟ ਟਰੇਲ, ਚੋਣ ਪ੍ਰਕਿਰਿਆ ਅਤੇ ਵੋਟਰਾਂ ਦੇ ਅਧਿਕਾਰਾਂ ਨਾਲ ਸਬੰਧਤ ਸਵਾਲ ਪੁੱਛੇ ਗਏ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। 143-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਡਾ. ਅਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਹਿਮਾਂਸ਼ੂ ਕਾਦਿਆਨ ਵੱਲੋਂ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਵਿਧਾਨ ਸਭਾ ਹਲਕਾ 77-ਫਿਰੋਜ਼ਪੁਰ ਦਿਹਾਤੀ ਵਿਚ ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਸਵੀਪ ਕੋਆਰਡੀਨੇਟਰ ਕਮਲ ਸ਼ਰਮਾ ਵੱਲੋਂ ਨਿਭਾਈ ਗਈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮਕਸਦ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ।