ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਵਿਦਿਆਰਥੀ : ਪ੍ਰੋ ਸਤਵਿੰਦਰ ਪਾਲ ਸਿੰਘ ਸਰਕਾਰੀ ਕਾਲਜ ਜੀਰਾ ਵਿਖੇ ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੇ ਚੁੱਕੀ ਸਹੁੰ
Publish Date: Thu, 26 Nov 2026 03:42 PM (IST)
Updated Date: Fri, 27 Nov 2026 04:02 AM (IST)
ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੇ ਚੁੱਕੀ ਸਹੁੰ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸਰਕਾਰੀ ਕਾਲਜ ਜੀਰਾ ਵਿਖੇ ਸੰਵਿਧਾਨ ਦਿਵਸ ਸ਼ਰਧਾ, ਉਤਸ਼ਾਹ ਅਤੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ, ਸਮੂਹ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਇਸ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਪ੍ਰੋਫੈਸਰ ਸਤਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਣ, ਇਸ ਦੇ ਇਤਿਹਾਸ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ਼ ਕਾਨੂੰਨੀ ਦਸਤਾਵੇਜ਼ ਹੀ ਨਹੀਂ, ਸਗੋਂ ਇਹ ਦੇਸ਼ ਦੀ ਏਕਤਾ, ਸਮਾਨਤਾ, ਆਜ਼ਾਦੀ ਅਤੇ ਭਾਈਚਾਰਕ ਸਾਂਝ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਫਰਜ਼ਾਂ ਪ੍ਰਤੀ ਵੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰੋਫੈਸਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ, ਸਮਾਜਿਕ ਸਦਭਾਵਨਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਅਤੇ ਇਸ ਦੀਆਂ ਕਦਰਾਂ-ਕੀਮਤਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਪ੍ਰੋ. ਪਵਿੱਤਰ ਸਿੰਘ, ਪ੍ਰੋ. ਕੁਲਵੰਤ ਸਿੰਘ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।