- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਵਿੱਚ ਸਵੀਪ ਗਤੀਵਿਧੀਆਂ ਜੰਗੀ ਪੱਧਰ ’ਤੇ ਸ਼ੁਰੂ, 18-19 ਸਾਲ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟਰੇਸ਼ਨ ’ਤੇ ਵਿਸ਼ੇਸ਼ ਜ਼ੋਰ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਵਿਚ ਵੋਟਰ ਜਾਗਰੂਕਤਾ ਅਤੇ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਸਵੀਪ (ਵੋਟਰਾਂ ਦੀ ਪ੍ਰਣਾਲੀਗਤ ਸਿੱਖਿਆ ਅਤੇ ਚੋਣ ਭਾਗੀਦਾਰੀ) ਗਤੀਵਿਧੀਆਂ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ 18 ਤੋਂ 19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣਾ ਅਤੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਹੈ। ਇਸ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਦੀ ਰੂਪ-ਰੇਖਾ ਅਤੇ ਰਣਨੀਤੀ ਬਾਰੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਹਿਮਾਂਸ਼ੂ ਕਾਦਿਆਨ, ਆਈਏਐੱਸ., ਸੀਐੱਮਐੱਫਓ ਵੱਲੋਂ ਸਵੀਪ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਨੌਜਵਾਨ ਵਰਗ ਤੱਕ ਵੋਟਰ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਅਤੇ ਵੱਧ ਤੋਂ ਵੱਧ ਯੋਗ ਨੌਜਵਾਨਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਉਣ ਲਈ ਯੋਜਨਾਬੱਧ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਆਈ.ਟੀ.ਆਈਜ਼ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਲਗਾਤਾਰ ਵੋਟਰ ਰਜਿਸਟਰੇਸ਼ਨ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਯੋਗ ਨੌਜਵਾਨਾਂ ਦੇ ਫਾਰਮ ਭਰਵਾਉਣ ਵਿਚ ਸਹਾਇਤਾ ਕੀਤੀ ਜਾਵੇਗੀ। ਅਧਿਕਾਰੀਆਂ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਖ਼ਾਸ ਤੌਰ ’ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ, ਵੋਟਰ ਰਜਿਸਟਰੇਸ਼ਨ ਦੀ ਪ੍ਰਕਿਰਿਆ ਅਤੇ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸਵੀਪ ਮੁਹਿੰਮ ਤਹਿਤ ਔਰਤਾਂ, ਦਿਵਿਆਂਗਜਨਾਂ, 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ, ਤੀਜੇ ਲਿੰਗ ਦੇ ਨਾਗਰਿਕਾਂ ਅਤੇ ਸਮਾਜ ਦੇ ਹੋਰ ਵਿਸ਼ੇਸ਼ ਵਰਗਾਂ ਤੱਕ ਵੀ ਪਹੁੰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਵਾਸ ਕਾਰਨ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਨਾਗਰਿਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਕਮਲ ਸ਼ਰਮਾ, ਲਖਵਿੰਦਰ ਸਿੰਘ, ਪਰਵਿੰਦਰ ਸਿੰਘ, ਮਹਾਵੀਰ ਬਾਂਸਲ ਅਤੇ ਮੈਡਮ ਗਗਨ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਵੋਟਰ ਜਾਗਰੂਕਤਾ ਹੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ। ਸਵੀਪ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਇਹ ਸੁਨੇਹਾ ਦਿੱਤਾ ਜਾਵੇਗਾ ਕਿ ਵੋਟ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਇੱਕ ਅਹਿਮ ਨਾਗਰਿਕ ਜ਼ਿੰਮੇਵਾਰੀ ਵੀ ਹੈ। ਹਰ ਯੋਗ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਚਾਹੀਦਾ ਹੈ ਅਤੇ ਚੋਣਾਂ ਸਮੇਂ ਬਿਨਾਂ ਕਿਸੇ ਡਰ, ਲਾਲਚ ਜਾਂ ਦਬਾਅ ਦੇ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਡਾ ਸੰਕਲਪ – ਕੋਈ ਵੀ ਯੋਗ ਵੋਟਰ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ ਅਤੇ ਹਰ ਵੋਟ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਪਾਵੇ।