ਟੀ.ਬੀ. ਮੁਕਤ ਪੰਚਾਇਤ ਮੱਲੋਕੇ ਦਾ ਸਿਹਤ ਵਿਭਾਗ ਵੱਲੋਂ ਸਨਮਾਨ ਟੀ.ਬੀ. ਮੁਕਤ ਪੰਚਾਇਤ ਮੱਲੋਕੇ ਨੂੰ ਸਿਹਤ ਵਿਭਾਗ ਵੱਲੋਂ ਮਾਣ-ਸਨਮਾਨ
Publish Date: Thu, 08 Oct 2026 03:45 PM (IST)
Updated Date: Fri, 09 Oct 2026 04:02 AM (IST)
ਪੰਚਾਇਤ ਦੇ ਸਹਿਯੋਗ ਨਾਲ ਪਿੰਡ ਨੂੰ ਟੀ.ਬੀ. ਮੁਕਤ ਬਣਾਉਣ ’ਚ ਮਿਲੀ ਅਹਿਮ ਸਫਲਤਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸਿਹਤਮੰਦ ਸਮਾਜ ਦੀ ਉਸਾਰੀ ਵੱਲ ਵੱਡਾ ਕਦਮ ਚੁੱਕਦਿਆਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਪਿੰਡ ਮੱਲੋਕੇ ਦੀ ਗ੍ਰਾਮ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ। ਪਿੰਡ ਨੂੰ ਟੀ.ਬੀ. ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸਰਪੰਚ ਜਸਦੀਪ ਸਿੰਘ ਨੂੰ ਸਰਟੀਫਿਕੇਟ ਦੇ ਕੇ ਮਾਣ ਬਖ਼ਸ਼ਿਆ ਗਿਆ। ਸਮਾਗਮ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਕੌਰ ਅਤੇ ਐੱਸਡੀਐੱਚ ਜ਼ੀਰਾ ਦੇ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਐਨਸੀਸੀ ਕੈਡਿਟ ਵੀ ਮੌਜੂਦ ਰਹੇ। ਡਾ. ਮਨਜੀਤ ਕੌਰ ਨੇ ਕਿਹਾ ਕਿ ਟੀ.ਬੀ. ਮੁਕਤ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਪਿੰਡ ਮੱਲੋਕੇ ਦੀ ਪੰਚਾਇਤ ਵੱਲੋਂ ਦਿੱਤਾ ਸਹਿਯੋਗ ਸ਼ਲਾਘਾਯੋਗ ਹੈ। ਪੰਚਾਇਤ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਨਾਲ ਪਿੰਡ ਨੂੰ ਟੀ.ਬੀ. ਮੁਕਤ ਬਣਾਉਣ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਹੋਈ ਹੈ। ਬਲਾਕ ਐਜੂਕੇਟਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰੀ ਸਿਹਤ ਕੇਂਦਰਾਂ ਵਿੱਚ ਟੀ.ਬੀ. ਦੀ ਜਾਂਚ ਅਤੇ ਇਲਾਜ ਮੁਫ਼ਤ ਉਪਲਬਧ ਹੈ। ਉਨ੍ਹਾਂ ਲੋਕਾਂ ਨੂੰ ਲੱਛਣ ਦਿਖਾਈ ਦੇਣ ’ਤੇ ਬਿਨਾਂ ਦੇਰੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤਾਂ, ਸਿਹਤ ਵਿਭਾਗ, ਸਮਾਜਿਕ ਸੰਸਥਾਵਾਂ, ਐਨਸੀਸੀ ਕੈਡਿਟਾਂ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਟੀ.ਬੀ. ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਹਰਪ੍ਰੀਤ ਕੌਰ, ਡਾ. ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਐਸਟੀਐਸ, ਤਲਵਿੰਦਰ ਸਿੰਘ ਅਤੇ ਰਣਜੀਤ ਕੌਰ ਐਲਟੀ ਹਾਜ਼ਰ ਸਨ।