ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਤਹਿਸੀਲਦਾਰ ਵੱਲੋਂ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਤਹਿਸੀਲਦਾਰ ਹਰਿੰਦਰਪਾਲ ਸਿੰਘ ਬੇਦੀ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
Publish Date: Thu, 22 Oct 2026 05:03 PM (IST)
Updated Date: Fri, 23 Oct 2026 04:01 AM (IST)
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੁੱਕਵੇਂ ਤਰੀਕਿਆਂ ਬਾਰੇ ਕੀਤਾ ਜਾਗਰੂਕ, ਵਾਤਾਵਰਨ ਦੀ ਸੰਭਾਲ ਲਈ ਸਹਿਯੋਗ ਦੀ ਅਪੀਲ ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ : ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਤਹਿਸੀਲਦਾਰ ਫਿਰੋਜ਼ਪੁਰ ਹਰਿੰਦਰਪਾਲ ਸਿੰਘ ਬੇਦੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਤਹਿਸੀਲਦਾਰ ਹਰਿੰਦਰਪਾਲ ਸਿੰਘ ਬੇਦੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਬੁੱਕਣ ਖਾਂ, ਝੋਕ ਹਰੀਹਰ, ਨੂਰਪੁਰ ਸੇਠਾਂ, ਫੱਤੂਵਾਲਾ, ਧੀਰਾ ਪੱਤਰ ਸਮੇਤ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਨੂੰਨਗੋ ਗੁਰਦੇਵ ਸਿੰਘ ਅਤੇ ਪਟਵਾਰੀ ਸੁਰਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਕਿਸਾਨਾਂ ਨਾਲ ਗੱਲਬਾਤ ਕਰਦਿਆਂ ਟੀਮ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਧੂੰਏਂ ਕਾਰਨ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ। ਇਸ ਨਾਲ ਲੋਕਾਂ ਦੀ ਸਿਹਤ ਉੱਤੇ ਮਾੜਾ ਅਸਰ ਪੈ ਸਕਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਨ। ਉਹਨਾ ਕਿਹਾ ਕਿ ਬੇਲਰ ਮਸ਼ੀਨ, ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਢੁੱਕਵੇਂ ਖੇਤੀ ਸੰਦਾਂ ਦੀ ਮਦਦ ਨਾਲ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਨਾਲ ਜਿੱਥੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਮਦਦ ਮਿਲਦੀ ਹੈ, ਉੱਥੇ ਹੀ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਵੀ ਲਾਭ ਮਿਲ ਸਕਦਾ ਹੈ। ਇਸ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਵਾਤਾਵਰਨ ਪੱਖੀ ਖੇਤੀ ਤਰੀਕੇ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਟੀਮ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਸਮੇਂ ਦੀ ਲੋੜ ਹੈ ਅਤੇ ਇਸ ਕਾਰਜ ਵਿੱਚ ਕਿਸਾਨਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।