ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ
Publish Date: Tue, 24 Nov 2026 05:31 PM (IST)
Updated Date: Wed, 25 Nov 2026 04:05 AM (IST)
ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਰਾਗੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ ਨਗਰ ਕੀਰਤਨ, ਅਤੁੱਟ ਲੰਗਰ ਵਰਤਾਇਆ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ਇਲਾਕੇ ਦੀਆਂ ਸੰਗਤਾਂ ਵਿੱਚ ਬੇਹੱਦ ਉਤਸ਼ਾਹ ਅਤੇ ਅਧਿਆਤਮਿਕ ਚੇਤਨਾ ਵੇਖਣ ਨੂੰ ਮਿਲੀ। ਇਲਾਕੇ ਦੇ ਮਸ਼ਹੂਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਗੁਰੂ ਸਾਹਿਬ ਦੇ ਨਾਮਲੇਵਾ ਸ਼ਰਧਾਲੂਆਂ ਨੇ ਸੱਚ, ਕਿਰਤ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲੈਂਦਿਆਂ ਜਨਮ ਦਿਹਾੜੇ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਸੁਹਾਨਾ ਤੇ ਕੁਲਦੀਪ ਸਿੰਘ ਨੇ ਦਸਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਨੇ ਪੂਰੇ ਇਲਾਕੇ ਨੂੰ ਗੁਰਬਾਣੀ ਦੇ ਰੰਗ ਵਿੱਚ ਰੰਗ ਦਿੱਤਾ। ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਗੁਰਦੁਆਰਾ ਸਾਹਿਬ ਵਿਖੇ ਖ਼ੂਬਸੂਰਤ ਦੀਪਮਾਲਾ ਕੀਤੀ ਗਈ, ਜਿਸ ਨਾਲ ਸਮੁੱਚਾ ਅਸਥਾਨ ਜਗਮਗਾ ਉੱਠਿਆ ਅਤੇ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣ ਗਿਆ। ਉਨਾਂ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਤੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਨੇ ਮਨਮੋਹਕ ਰਸਭਿੰਨਾ ਕੀਰਤਨ ਕਰਦਿਆਂ ਗੁਰੂ ਜੱਸ ਸੁਣਾਇਆ ਅਤੇ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੀਆਂ ਮਧੁਰ ਧੁਨਾਂ ਨਾਲ ਸੰਗਤਾਂ ਨੇ ਵੈਰਾਗ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਵਾਈ। ਇਸ ਤੋਂ ਪਹਿਲਾਂ ਪੰਜ ਪਿਆਰਿਆਂ ਦੀ ਛਤਰ-ਛਾਇਆ ਅਤੇ ਅਗਵਾਈ ਵਿੱਚ ਇੱਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਨਗਰ ਕੀਰਤਨ ਵੀ ਕੱਢਿਆ ਗਿਆ, ਜਿਸ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਵਰਨ ਸਿੰਘ ਸੁਹਾਨਾ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਉਨ੍ਹਾਂ ਨੇ ਗੁਰਪੁਰਬ ਦੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਸਰਬੱਤ ਦੇ ਭਲੇ ਅਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।