ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਸਮਝੇ : ਪੀਰ ਮੁਹੰਮਦ
ਭਾਈ ਜਗਤਾਰ ਸਿੰਘ ਹਵਾਰਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਸਮਝੇ : ਪੀਰ ਮੁਹੰਮਦ
Publish Date: Tue, 06 Jan 2026 05:08 PM (IST)
Updated Date: Tue, 06 Jan 2026 05:11 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ, ਮਖੂ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਥੇ. ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਮਨੁੱਖੀ ਅਧਿਕਾਰਾਂ ਦਾ ਘਾਣ ਦੱਸਿਆ ਅਤੇ ਅੱਜ ਕੌਮੀ ਰਾਜਧਾਨੀ ਤੇ ਪੰਜਾਬ ਦੇ ਮੌਜ਼ੂਦਾ ਹਾਲਾਤਾਂ ਦਾ ਹਵਾਲਾ ਦਿੰਦਿਆਂ ਬੰਦੀ ਸਿੰਘਾਂ, ਖਾਸ ਕਰਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਬਿਆਨ ਜਾਰੀ ਕਰਦਿਆਂ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਿਆ ਜਾਵੇ। ਪੀਰ ਮੁਹੰਮਦ ਨੇ ਕਿਹਾ ਕਿ ਕਿਹਾ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਢੇ ਤਿੰਨ ਦਹਾਕੇ ਤਿਹਾੜ ਬੁੜੈਲ ਜੇਲ੍ਹ ਦੀਆਂ ਕਾਲ ਕੋਠੜੀਆਂ ਵਿਚ ਗੁਜ਼ਾਰੇ ਹਨ। ਉਹ ਆਪਣੀ ਕਾਨੂੰਨੀ ਸਜ਼ਾ ਪੂਰੀ ਕਰ ਚੁੱਕੇ ਹਨ, ਫਿਰ ਵੀ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ। ਕੀ ਭਾਰਤ ਵਿੱਚ ਸਿੱਖਾਂ ਲਈ ਕਾਨੂੰਨ ਵੱਖਰਾ ਹੈ? ਜੇਕਰ ਬਲਾਤਕਾਰੀ ਸਿਰਸਾ ਸਾਧ ਵਾਰ ਵਾਰ ਅਤੇ ਕਾਤਲ ਪੈਰੋਲ ਤੇ ਜੇਲ ਵਿੱਚੋ ਬਾਹਰ ਆ ਸਕਦੇ ਹਨ ਤਾਂ ਕੌਮ ਦੇ ਜਰਨੈਲ ਭਾਈ ਹਵਾਰਾ ਨੂੰ ਰਿਹਾਅ ਕਰਨ ਵਿੱਚ ਸਰਕਾਰ ਨੂੰ ਕੀ ਤਕਲੀਫ਼ ਹੈ? ਪੀਰ ਮੁਹੰਮਦ ਨੇ ਕਿਹਾ ਕਿ ਜੇਕਰ ਭਾਈ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਤੁਰੰਤ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇਸ਼-ਵਿਦੇਸ਼ ਵਿੱਚ ਵੱਡਾ ਜਨ-ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਫੈਡਰੇਸ਼ਨ ਦੇ ਨਵੇਂ ਪ੍ਰਧਾਨ ਕੰਵਰਚੜਤ ਸਿੰਘ ਵਰਗੇ ਨੌਜਵਾਨ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਰ ਪਿੰਡ ਅਤੇ ਸ਼ਹਿਰ ਵਿਚ ‘ਬੰਦੀ ਸਿੰਘ ਰਿਹਾਈ ਮਾਰਚ’ ਕੱਢਣ। ਸਾਡਾ ਕਿਸੇ ਵੀ ਵਰਗ ਜਾਂ ਧਰਮ ਨਾਲ ਕੋਈ ਟਕਰਾਅ ਨਹੀਂ ਹੈ। ਸਾਡੀ ਲੜਾਈ ਸਿਰਫ਼ ਅਤੇ ਸਿਰਫ਼ ਇਨਸਾਫ਼ ਦੀ ਹੈ। ਅਸੀਂ ਸ਼ਾਂਤੀ ਚਾਹੁੰਦੇ ਹਾਂ, ਪਰ ਗੁਲਾਮੀ ਦੀਆਂ ਜ਼ੰਜੀਰਾਂ ਵਿੱਚ ਜਕੜੇ ਰਹਿ ਕੇ ਨਹੀਂ। ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅਖੀਰ ਵਿਚ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਾਜ਼ੁਕ ਮੋੜ ’ਤੇ ਇਕੱਠੇ ਹੋਣ ਤਾਂ ਜੋ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਆਪਣੇ ਪਰਿਵਾਰਾਂ ਵਿੱਚ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਬਿਰਧ ਮਾਤਾ ਇਸ ਵਕਤ ਬੈਡ ਤੇ ਆਪਣੇ ਬੇਟੇ ਨੂੰ ਦੇਖਣ ਲਈ ਹਰ ਪਲ ਇੰਤਜਾਰ ਕਰ ਰਹੀ ਹੈ।