ਅੱਗ ਦੀ ਤਬਾਹੀ ਨੇ ਕਿਸਾਨਾਂ ਦੇ ਸੁਪਨੇ ਸੁਆਹ ਕੀਤੇ, ਸੈਂਕੜੇ ਏਕੜ ਫਸਲ ਸੜ ਕੇ ਸੁਆਹ
ਅੱਗ ਦੀ ਤਬਾਹੀ ਨੇ ਕਿਸਾਨਾਂ ਦੇ ਸੁਪਨੇ ਸੁਆਹ ਕੀਤੇ, ਸੈਂਕੜੇ ਏਕੜ ਫਸਲ ਸੜ ਕੇ ਸੁਆਹ
Publish Date: Tue, 21 Apr 2026 05:07 PM (IST)
Updated Date: Tue, 21 Apr 2026 05:10 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਇਲਾਕੇ ਦੇ ਕਈ ਪਿੰਡਾਂ ਵਿਚ ਕਣਕ ਦੀ ਖੜੀ ਫਸਲ ਅਤੇ ਨਾੜ ਨੂੰ ਅੱਗ ਦੀਆਂ ਭਿਆਨਕ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ ਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕਰ ਦਿੱਤਾ ਹੈ। ਫਸਲਾਂ ਸੜਨ ਨਾਲ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਮਿੰਟਾਂ ਵਿਚ ਤਬਾਹ ਹੋ ਰਹੀ ਹੈ।ਇਸ ਗੰਭੀਰ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ਮੰਗਲ ਸਿੰਘ ਸੰਧੂ ਸ਼ਾਹਵਾਲਾ ਨੇ ਪੰਜਾਬ ਸਰਕਾਰ ਤੋਂ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਹੇਠ ਦਬੇ ਕਿਸਾਨਾਂ ਲਈ ਇਹ ਨੁਕਸਾਨ ਇਕ ਵੱਡੀ ਤਬਾਹੀ ਸਾਬਤ ਹੋ ਰਿਹਾ ਹੈ ਅਤੇ ਬਿਨਾਂ ਸਰਕਾਰੀ ਮਦਦ ਦੇ ਉਹ ਮੁੜ ਖੜ੍ਹੇ ਨਹੀਂ ਹੋ ਸਕਦੇ। ਮੰਗਲ ਸਿੰਘ ਸੰਧੂ ਨੇ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਮੌਜੂਦਾ ਮੁਆਵਜ਼ਾ ਅਸਲ ਨੁਕਸਾਨ ਦੇ ਮੁਕਾਬਲੇ ਕਾਫ਼ੀ ਘੱਟ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਫਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੀ ਅਗਲੀ ਫਸਲ ਲਈ ਤਿਆਰੀ ਕਰ ਸਕਣ।ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅੱਗ ਤੋਂ ਬਚਾਅ ਲਈ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਅੱਗ ਬੁਝਾਉਣ ਦੇ ਸਾਧਨਾਂ ਨੂੰ ਮਜ਼ਬੂਤ ਕੀਤਾ ਜਾਵੇ। ਨਾਲ ਹੀ ਬਿਜਲੀ ਦੇ ਢਾਂਚੇ ਦੀ ਨਿਯਮਿਤ ਜਾਂਚ ਯਕੀਨੀ ਬਣਾਈ ਜਾਵੇ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਢੁਕਵਾਂ ਫੈਸਲਾ ਨਾ ਲਿਆ ਤਾਂ ਕਿਸਾਨ ਜਥੇਬੰਦੀ ਵੱਲੋਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।