ਸ਼ਰਧਾ ਨਾਲ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਮਦੋਟ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
Publish Date: Fri, 04 Sep 2026 06:39 PM (IST)
Updated Date: Fri, 04 Sep 2026 06:40 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਮਮਦੋਟ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਨਗਰ ਦੀ ਸੰਗਤ ਨੇ ਸ਼ਮੂਲੀਅਤ ਕਰਦਿਆਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਲੜੀ ਤਹਿਤ 1 ਜੁਲਾਈ ਨੂੰ ਸੰਗਤੀ ਰੂਪ ਵਿਚ ਆਰੰਭ ਕੀਤੇ ਗਏ 10 ਸ੍ਰੀ ਸਹਿਜ ਪਾਠਾਂ ਦੇ ਭੋਗ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਪਾਏ ਗਏ। ਭੋਗ ਸਮੇਂ ਗੁਰਦੁਆਰਾ ਸਾਹਿਬ ਦਾ ਵਾਤਾਵਰਨ ਗੁਰਬਾਣੀ ਦੇ ਰਸ ਨਾਲ ਰੰਗਿਆ ਰਿਹਾ। ਸੰਗਤ ਨੇ ਸ਼ਰਧਾ ਨਾਲ ਪਾਠ ਸਰਵਣ ਕੀਤਾ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਕੁਲਦੀਪ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਨੇ ਗੁਰਬਾਣੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿਚ ਗੁਰੂ ਸਾਹਿਬ ਦੀ ਬਾਣੀ ਨੂੰ ਵੱਧ ਤੋਂ ਵੱਧ ਪੜ੍ਹਨ, ਸੁਣਨ ਅਤੇ ਵਿਚਾਰਨ। ਉਨ੍ਹਾਂ ਨੇ ਸੰਗਤ ਨੂੰ ਆਪਣੇ ਨਾਲ-ਨਾਲ ਪਰਿਵਾਰਿਕ ਮੈਂਬਰਾਂ, ਖਾਸ ਕਰਕੇ ਬੱਚਿਆਂ ਨੂੰ ਵੀ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸੰਗਤ ਦੀ ਸੇਵਾ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਮਾਗਮ ਦੌਰਾਨ ਸੰਗਤ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਬਣਿਆ ਰਿਹਾ। ਸੰਗਤ ਨੇ ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਘਰ ਨਾਲ ਜੁੜ ਕੇ ਇਸ ਪਵਿੱਤਰ ਦਿਹਾੜੇ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।