ਮੰਚਾਂ ਦੇ ਐਲਾਨਾਂ ਨਾਲ ਨਹੀਂ ਬਦਲਦੀ ਪੰਜਾਬ ਦੀ ਤਸਵੀਰ : ਕੁਲਬੀਰ ਜ਼ੀਰਾ ਮੰਚਾਂ ਦੇ ਐਲਾਨਾਂ ਨਾਲ ਨਹੀਂ ਬਦਲਦੀ ਪੰਜਾਬ ਦੀ ਤਸਵੀਰ: ਕੁਲਬੀਰ ਜ਼ੀਰਾ
Publish Date: Thu, 26 Nov 2026 06:11 PM (IST)
Updated Date: Fri, 27 Nov 2026 04:08 AM (IST)
ਮੋਗਾ ਰੈਲੀ ਨੇ ਪੰਜਾਬ ਦੀ ਖੁਸ਼ਹਾਲੀ ਨਹੀਂ, ਸਰਕਾਰ ਦੀ ਨਾਕਾਮੀ ਦਾ ਚਿਹਰਾ ਨੰਗਾ ਕੀਤਾ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕੀਤੀ ਗਈ ਖੁਸ਼ਹਾਲੀ ਰੈਲੀ ਨੂੰ ਲੈ ਕੇ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਸ ਰੈਲੀ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਦੱਸ ਰਹੀ ਹੈ, ਉਹ ਅਸਲ ਵਿੱਚ ਸੂਬੇ ਦੇ ਲੋਕਾਂ ਦੀਆਂ ਅਧੂਰੀਆਂ ਉਮੀਦਾਂ ਅਤੇ ਸਰਕਾਰੀ ਕਾਰਗੁਜ਼ਾਰੀ ’ਤੇ ਉੱਠ ਰਹੇ ਸਵਾਲਾਂ ਦੀ ਤਸਵੀਰ ਪੇਸ਼ ਕਰਦੀ ਹੈ। ਉਨ੍ਹਾਂ ਅਨੁਸਾਰ ਮੰਚਾਂ ਤੋਂ ਵਿਕਾਸ ਦੇ ਦਾਅਵੇ ਕਰਨ ਨਾਲ ਜ਼ਮੀਨੀ ਹਕੀਕਤ ਨਹੀਂ ਬਦਲਦੀ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਦੀ ਜ਼ਿੰਮੇਵਾਰੀ ਸੌਂਪੀ ਸੀ। ਲੋਕਾਂ ਨੂੰ ਆਸ ਸੀ ਕਿ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਸੂਬੇ ਵਿੱਚ ਨਵੀਂ ਵਿਕਾਸ ਦੀ ਦਿਸ਼ਾ ਤੈਅ ਹੋਵੇਗੀ, ਪਰ ਅੱਜ ਲੋਕ ਸਰਕਾਰ ਦੇ ਦਾਅਵਿਆਂ ਅਤੇ ਆਪਣੇ ਜੀਵਨ ਦੀ ਹਕੀਕਤ ਵਿਚਲੇ ਫ਼ਰਕ ਨੂੰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਪ੍ਰਾਪਤੀ ਦਾ ਪ੍ਰਚਾਰ ਕਰਨ ਦੀ ਬਜਾਏ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੰਮ ਕਰਨਾ ਚਾਹੀਦਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਖੇਤੀਬਾੜੀ ਨਾਲ ਜੁੜੀਆਂ ਚੁਣੌਤੀਆਂ ਕਾਰਨ ਚਿੰਤਤ ਹੈ, ਮਜ਼ਦੂਰ ਵਰਗ ਆਪਣੀ ਆਰਥਿਕ ਸਥਿਤੀ ਨੂੰ ਲੈ ਕੇ ਜੂਝ ਰਿਹਾ ਹੈ, ਨੌਜਵਾਨ ਰੁਜ਼ਗਾਰ ਦੇ ਮੌਕਿਆਂ ਦੀ ਉਡੀਕ ਕਰ ਰਹੇ ਹਨ ਅਤੇ ਵਪਾਰੀ ਵਰਗ ਨੂੰ ਵੀ ਕਾਰੋਬਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਪਹਿਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਦਾ ਅਸਲ ਪੈਮਾਨਾ ਰੈਲੀਆਂ ਵਿੱਚ ਇਕੱਠੀ ਹੋਈ ਭੀੜ ਜਾਂ ਕੀਤੇ ਗਏ ਐਲਾਨ ਨਹੀਂ, ਸਗੋਂ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਦੇ ਜੀਵਨ ਵਿੱਚ ਆਉਣ ਵਾਲਾ ਸਕਾਰਾਤਮਕ ਬਦਲਾਅ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਲੋਕਾਂ ਦੇ ਹੱਕਾਂ ਅਤੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਸਰਕਾਰ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਸੰਘਰਸ਼ ਜਾਰੀ ਰੱਖੇਗੀ। ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ।