ਹਾਊਸਿੰਗ ਬੋਰਡ ਕਾਲੋਨੀ ’ਚ ਖਸਤਾਹਾਲ ਮਕਾਨਾਂ ਦਾ ਗਰਮਾਇਆ ਮਾਮਲਾ ਹਾਊਸਿੰਗ ਬੋਰਡ ਕਲੋਨੀ ’ਚ ਖਸਤਾ ਹਾਲਤ 24 ਮਕਾਨਾਂ ਦਾ ਮਾਮਲਾ ਗਰਮਾਇਆ, ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤਹਰਚਰਨ ਸਿੰਘ ਸਾਮਾ
Publish Date: Sat, 21 Nov 2026 04:54 PM (IST)
Updated Date: Sun, 22 Nov 2026 04:02 AM (IST)
ਵੈੱਲਫੇਅਰ ਸੋਸਾਇਟੀ ਨੇ ਡਿਪਟੀ ਕਮਿਸ਼ਨਰ ਨੂੰ ਦਿੱਤੀ ਲਿਖਤੀ ਸ਼ਿਕਾਇਤ, ਨਾਜਾਇਜ਼ ਕਬਜ਼ੇ ਖਾਲੀ ਕਰਵਾਉਣ ਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ : ਹਾਊਸਿੰਗ ਬੋਰਡ ਕਲੋਨੀ ਵਿੱਚ ਕਥਿਤ ਨਾਜਾਇਜ਼ ਕਬਜ਼ਿਆਂ, ਗੈਰ-ਕਾਨੂੰਨੀ ਉਸਾਰੀਆਂ ਅਤੇ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਹਾਊਸਿੰਗ ਬੋਰਡ ਵੈਲਫੇਅਰ ਸੋਸਾਇਟੀ, ਫਿਰੋਜ਼ਪੁਰ ਸ਼ਹਿਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ।ਸੋਸਾਇਟੀ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਹਾਊਸਿੰਗ ਬੋਰਡ ਕਲੋਨੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਕਾਰੀ ਕੁਆਰਟਰਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਕੁਝ ਅਣਅਧਿਕਾਰਤ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਬਿਨਾਂ ਮਨਜ਼ੂਰੀ ਦੇ ਉਸਾਰੀਆਂ ਵੀ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾਵਾਂ ਅਨੁਸਾਰ ਇਨ੍ਹਾਂ ਥਾਵਾਂ ’ਤੇ ਕੁਝ ਲੋਕਾਂ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਕਲੋਨੀ ਦੇ ਵਸਨੀਕਾਂ ਵਿੱਚ ਚਿੰਤਾ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਸੋਸਾਇਟੀ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਹੈ ਕਿ ਕਲੋਨੀ ਵਿੱਚ ਆਏ ਦਿਨ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਇਲਾਕੇ ਦੇ ਲੋਕਾਂ ਨੂੰ ਆਪਣੇ ਘਰਾਂ ਅਤੇ ਜਾਇਦਾਦ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਸਤਾ ਰਹੀ ਹੈ। ਵਸਨੀਕਾਂ ਦਾ ਮੰਨਣਾ ਹੈ ਕਿ ਜੇਕਰ ਸਮੇਂ ਸਿਰ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।ਸ਼ਿਕਾਇਤ ਵਿੱਚ ਕਲੋਨੀ ਦੇ 24 ਮਕਾਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਸੋਸਾਇਟੀ ਅਨੁਸਾਰ ਇਨ੍ਹਾਂ ਮਕਾਨਾਂ ਦੀ ਮਿਆਦ ਵੀ ਖ਼ਤਮ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ ਕੁਝ ਲੋਕਾਂ ਵੱਲੋਂ ਨਸ਼ਾ ਕਰਨ ਦੀਆਂ ਗਤੀਵਿਧੀਆਂ ਹੋਣ ਦੀ ਗੱਲ ਕਹੀ ਗਈ ਹੈ। ਇਸ ਸਥਿਤੀ ਨੂੰ ਕਲੋਨੀ ਦੇ ਮਾਹੌਲ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਚਿੰਤਾਜਨਕ ਦੱਸਿਆ ਗਿਆ ਹੈ। ਹਾਊਸਿੰਗ ਬੋਰਡ ਵੈਲਫੇਅਰ ਸੋਸਾਇਟੀ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਰਾਹੀਂ ਪੂਰੀ ਜਾਂਚ ਕਰਵਾਈ ਜਾਵੇ। ਜਿੱਥੇ ਵੀ ਨਾਜਾਇਜ਼ ਕਬਜ਼ੇ ਅਤੇ ਬਿਨਾਂ ਮਨਜ਼ੂਰੀ ਉਸਾਰੀਆਂ ਪਾਈਆਂ ਜਾਂਦੀਆਂ ਹਨ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਹਟਾਇਆ ਜਾਵੇ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਸੋਸਾਇਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਸਰਕਾਰੀ ਮਕਾਨਾਂ ਦੀ ਸਥਿਤੀ, ਉਨ੍ਹਾਂ ਦੀ ਮਿਆਦ ਅਤੇ ਮੌਜੂਦਾ ਕਬਜ਼ੇਦਾਰਾਂ ਦੀ ਜਾਂਚ ਕਰਕੇ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। ਹੁਣ ਦੇਖਣਾ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਇਸ ਸ਼ਿਕਾਇਤ ’ਤੇ ਕਿੰਨੀ ਜਲਦੀ ਕਾਰਵਾਈ ਕਰਦੇ ਹਨ ਤੇ ਹਾਊਸਿੰਗ ਬੋਰਡ ਕਾਲੋਨੀ ਦੇ ਵਸਨੀਕਾਂ ਨੂੰ ਇਸ ਸਮੱਸਿਆ ਤੋਂ ਕਦੋਂ ਤੱਕ ਨਿਜਾਤ ਮਿਲਦੀ ਹੈ।