ਸਾਰਾਗੜ੍ਹੀ' ਚ ਗੂੰਜੇਗਾ ‘ਨਸ਼ਾ ਮੁਕਤ ਪੰਜਾਬ’ ਦਾ ਨਾਅਰਾ
ਸਾਰਾਗੜ੍ਹੀ' ਚ ਗੂੰਜੇਗਾ ਨਸ਼ਾ ਮੁਕਤ ਪੰਜਾਬ ਦਾ ਨਾਅਰਾ
Publish Date: Sat, 07 Feb 2026 03:07 PM (IST)
Updated Date: Sat, 07 Feb 2026 03:08 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਲੋਕ-ਹਿਤਕਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਲਈ ਸਿੱਖਿਆ ਸੰਸਥਾਵਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੀ ਕੜੀ ਹੇਠ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਰੀਜਨਲ ਸੈਂਟਰ ਸੰਤ ਕਬੀਰ ਕਾਲਜ ਜ਼ੀਰਾ ਵੱਲੋਂ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕੀਤੀ ਜਾ ਰਹੀ ਹੈ। ਇਹ ਮੁਹਿੰਮ ਮਾਨਯੋਗ ਵਾਈਸ ਚਾਂਸਲਰ ਡਾ. ਸੰਜੀਵ ਕੁਮਾਰ ਸ਼ਰਮਾ ਅਤੇ ਪ੍ਰੋ. ਡਾ. ਰਤਨ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਜਿਸ ਨਾਲ ਨੌਜਵਾਨ ਵਰਗ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਕੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦਾ ਮਕਸਦ ਰੱਖਿਆ ਗਿਆ ਹੈ। ਇਸ ਮੁਹਿੰਮ ਦੇ ਤਹਿਤ 10 ਫ਼ਰਵਰੀ 2026 ਨੂੰ ਸਰਾਗੜ੍ਹੀ, ਫ਼ਿਰੋਜ਼ਪੁਰ ਵਿਖੇ ਗਵਰਨਰ ਸਾਹਿਬ ਦੀ ਆਮਦ ਮੌਕੇ ਆਯੋਜਿਤ ਸਮਾਗਮ ਵਿੱਚ ਸੰਤ ਕਬੀਰ ਕਾਲਜ ਜ਼ੀਰਾ ਦੇ ਦੋਵੇਂ ਸਹਿਯੋਗੀ ਸੰਸਥਾਨਾਂ ਵੱਲੋਂ 450 ਤੋਂ ਵੱਧ ਵਿਦਿਆਰਥੀ ਸ਼ਮੂਲੀਅਤ ਕਰਨਗੇ। ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਲੋਕ- ਹਿਤਕਾਰੀ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਨਾਲ ਹੀ ਕਾਲਜ ਦੇ ਪ੍ਰਿੰਸੀਪਲ ਅਤੇ ਰੀਜਨਲ ਸੈਂਟਰ ਕੋਆਰਡੀਨੇਟਰ ਡਾ. ਵੀਰਪਾਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਇਕੱਠੇ ਹੋ ਕੇ ਇਸ ਮੁਹਿੰਮ ਨਾਲ ਜੁੜਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਇਹ ਅਭਿਆਨ ਨੌਜਵਾਨਾਂ ਵਿੱਚ ਨਵੀਂ ਚੇਤਨਾ ਜਗਾ ਕੇ ਸਮਾਜ ਨੂੰ ਸਹੀ ਦਿਸ਼ਾ ਵੱਲ ਲੈ ਜਾਣ ਦਾ ਮਜ਼ਬੂਤ ਕਦਮ ਸਾਬਤ ਹੋ ਰਿਹਾ ਹੈ।