
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਲ ਰੋਡ ’ਤੇ ਕਬਾੜ ਦੀ ਦੁਕਾਨ ’ਚ ਚੋਰੀ, ਨਕਾਬਪੋਸ਼ ਚੋਰਾਂ ਨੇ ਸ਼ਟਰ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਦੇ ਸਭ ਤੋਂ ਵੱਧ ਭੀੜ ਵਾਲੇ ਮਾਲ ਰੋਡ ’ਤੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਬੀਤੀ ਰਾਤ ਅਣਪਛਾਤੇ ਨਕਾਬਪੋਸ਼ ਚੋਰਾਂ ਵੱਲੋਂ ਇਕ ਕਬਾੜ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰਾਂ ਨੇ ਸਵੇਰੇ 4 ਵਜੇ ਸ਼ਟਰ ਤੋੜ ਕੇ ਗੱਲੇ ’ਚ ਪਈ ਨਕਦੀ ਅਤੇ ਔਜ਼ਾਰ ਚੋਰੀ ਕਰ ਲਏ। ਘਟਨਾ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨਦਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੇ ਸਮੇਂ ਉਹ ਆਪਣੇ ਘਰ ਵਿਚ ਮੌਜ਼ੂਦ ਸਨ। ਉਨ੍ਹਾਂ ਨੂੰ ਗੁਆਂਢੀ ਦੁਕਾਨਦਾਰ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਅੱਧਾ ਟੁੱਟਿਆ ਹੋਇਆ ਹੈ। ਜਦੋਂ ਉਹ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਵੇਖਿਆ ਕਿ ਅੰਦਰ ਸਾਮਾਨ ਖਿਲਰਿਆ ਪਿਆ ਸੀ। ਦੁਕਾਨ ਦੇ ਗੱਲੇ ਵਿਚ ਰੱਖੀ ਸਾਰੀ ਨਕਦੀ ਗਾਇਬ ਸੀ ਅਤੇ ਇਸ ਤੋਂ ਇਲਾਵਾ ਕਈ ਮਹਿੰਗੇ ਔਜ਼ਾਰ ਵੀ ਚੋਰ ਆਪਣੇ ਨਾਲ ਲੈ ਗਏ ਸਨ। ਪੀੜ੍ਹਤ ਦੁਕਾਨਦਾਰ ਵੱਲੋਂ ਤੁਰੰਤ ਸਥਾਨਕ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਪੁਲਿਸ ਵੱਲੋਂ ਆਸ-ਪਾਸ ਦੀਆਂ ਦੁਕਾਨਾਂ ਅਤੇ ਮਾਰਗ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਨਕਾਬਪੋਸ਼ ਚੋਰਾਂ ਦੀ ਪਛਾਣ ਕੀਤੀ ਜਾ ਸਕੇ। ਸ਼ਹਿਰ ਦੇ ਸਭ ਤੋਂ ਸੁਰੱਖਿਅਤ ਅਤੇ ਭੀੜ ਵਾਲੇ ਇਲਾਕੇ ’ਚ ਹੋਈ ਇਸ ਚੋਰੀ ਕਾਰਨ ਸਥਾਨਕ ਵਪਾਰੀਆਂ ਅਤੇ ਦੁਕਾਨਦਾਰਾਂ ਵਿਚ ਚਿੰਤਾ ਦਾ ਮਾਹੌਲ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਚੋਰਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।