ਪਿੰਡਾਂ ਦੇ ਵਿਕਾਸ ਲਈ ਪੈਸੇ ਦੀ ਕਮੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਦਹੀਆ
ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀਂ ਆਉਣ ਦਿੱਤੀ ਜਾਵੇਗੀ: ਰਜਨੀਸ਼ ਦਹੀਆ
Publish Date: Fri, 06 Feb 2026 04:20 PM (IST)
Updated Date: Fri, 06 Feb 2026 04:23 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫ਼ਿਰੋਜ਼ਪੁਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤਹਿਤ ਨੂਰਪੁਰ ਸੇਠਾਂ–ਫਿਰੋਜ਼ਪੁਰ ਫਰੀਦਕੋਟ ਮਾਰਗ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਅੱਗੇ ਵਧਾਉਂਦਿਆਂ ਹਲਕਾ ਫਿਰੋਜ਼ਪੁਰ ਦਿਹਾਤੀ ਵਿਚ ਬੇਸ਼ੁਮਾਰ ਵਿਕਾਸ ਕਾਰਜ ਨਿਰੰਤਰ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਿੰਡ ਨੂਰਪੁਰ ਸੇਠਾਂ ਤੋਂ ਫਿਰੋਜ਼ਪੁਰ–ਫਰੀਦਕੋਟ ਮਾਰਗ ਤੱਕ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ’ਤੇ ਕਰੀਬ 83 ਲੱਖ ਰੁਪਏ ਦੀ ਲਾਗਤ ਆਵੇਗੀ। ਸੀਨੀਅਰ ਆਮ ਆਦਮੀ ਪਾਰਟੀ ਆਗੂ ਗੁਰਬਾਗ ਸਿੰਘ ਸੰਧੂ ਨੇ ਦੱਸਿਆ ਕਿ ਇਹ ਸੜਕ ਫਿਰੋਜ਼ਪੁਰ–ਫਰੀਦਕੋਟ ਰੋਡ ਤੋਂ ਪਿੰਡ ਨੂਰਪੁਰ ਸੇਠਾਂ ਨੂੰ ਜੋੜੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਸਤੀ ਸੋਹਣ ਸਿੰਘ ਤੋਂ ਪਿੰਡ ਨੂਰਪੁਰ ਸੇਠਾਂ ਤੱਕ ਜੋ ਕੱਚਾ ਰਸਤਾ ਸੀ, ਉਸਨੂੰ ਵੀ ਇਸ ਪ੍ਰੋਜੈਕਟ ਅਧੀਨ ਪੱਕੀ ਸੜਕ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਵੇਗੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਇਲਾਜ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਨ ਵਾਲੇ ਕਾਰਡ ਬਣਾਏ ਜਾ ਰਹੇ ਹਨ, ਤਾਂ ਜੋ ਹਰ ਵਰਗ ਦਾ ਵਿਅਕਤੀ ਬਿਨਾਂ ਕਿਸੇ ਆਰਥਿਕ ਬੋਝ ਦੇ ਇਲਾਜ ਕਰਵਾ ਸਕੇ। ਇਸ ਸਮਾਗਮ ਦੌਰਾਨ ਸੀਨੀਅਰ ਆਪ ਆਗੂ ਜੋਗਿੰਦਰ ਸਿੰਘ ਮਾਣਕ, ਜਗਦੀਪ ਸਿੰਘ ਸੰਧੂ ਸਰਪੰਚ ਨੂਰਪੁਰ ਸੇਠਾਂ, ਕੁੰਦਨ ਸਿੰਘ ਕੰਬੋਜ਼, ਗੁਰਮੇਜ ਸਿੰਘ ਸੱਭਰਵਾਲ ਸਾਬਕਾ ਸਰਪੰਚ ਸਮੇਤ ਪਿੰਡ ਦੇ ਹੋਰ ਕਈ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਇਸ ਮੌਕੇ ਜੋਗਿੰਦਰ ਸਿੰਘ ਮਾਣਕ ਨੇ ਕਿਹਾ ਕਿ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਹਮੇਸ਼ਾਂ ਹੀ ਪਿੰਡ ਨੂਰਪੁਰ ਸੇਠਾਂ ਦੀ ਤਰੱਕੀ ਲਈ ਸ਼ਲਾਘਯੋਗ ਕਦਮ ਚੁੱਕੇ ਹਨ ਅਤੇ ਪਿੰਡ ਨੂੰ ਕਈ ਵਿਕਾਸ ਪ੍ਰੋਜੈਕਟ ਦਿੱਤੇ ਗਏ ਹਨ, ਜਿਨ੍ਹਾਂ ਦਾ ਕੰਮ ਜਾਰੀ ਹੈ। ਉਨ੍ਹਾਂ ਪਿੰਡ ਦੇ ਪੁਰਾਣੇ ਪੰਚਾਇਤ ਘਰ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵੀ ਗਰਾਂਟ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਜੱਜ, ਗਾਗਾ ਪੰਚ, ਗੁਰਬਖਸ਼ ਸਿੰਘ ਸੰਧੂ, ਲਖਵਿੰਦਰ ਸਿੰਘ ਪੰਚ, ਹਰਜਿੰਦਰ ਸਿੰਘ ਸਾਮਾ ਪੰਚ, ਸੁਖਵਿੰਦਰ ਪੰਚ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਵਿਧਾਇਕ ਦਹੀਆ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਵਾਜਬ ਮੰਗਾਂ ਪਹਿਲ ਦੇ ਅਧਾਰ ’ਤੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।