- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੋਅਰੂਮ ਦੀ ਸਾਈਡ ਵਾਲੀ ਕੰਧ ਤੋੜ ਕੇ ਅੰਦਰ ਦਾਖਲ ਹੋਏ ਚੋਰ, 10 ਤੋਂ 12 ਲੱਖ ਰੁਪਏ ਦਾ ਫਰਨੀਚਰ

ਪੱਤਜ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਸ਼ਹਿਰ ਵਿੱਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਚੋਰਾਂ ਨੇ ਇੱਕ ਸ਼ੋਅਰੂਮ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਦੀ ਸਾਈਡ ਵਾਲੀ ਕੰਧ ਤੋੜ ਕੇ ਅੰਦਰ ਦਾਖ਼ਲ ਹੋ ਕੇ ਉੱਥੋਂ ਕਰੀਬ 10 ਤੋਂ 12 ਲੱਖ ਰੁਪਏ ਦਾ ਫਰਨੀਚਰ ਅਤੇ ਇਲੈਕਟ੍ਰਿਕ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਸ ਵੱਡੀ ਵਾਰਦਾਤ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ੋਅਰੂਮ ਦੇ ਸੰਚਾਲਕ ਪੱਤਰਕਾਰ ਮਨੋਜ ਮੋਂਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰ ਸ਼ੋਅਰੂਮ ਦੀ ਸਾਈਡ ਵਾਲੀ ਕੰਧ ਤੋੜ ਕੇ ਅੰਦਰ ਦਾਖ਼ਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ੋਅਰੂਮ ਵਿੱਚ ਪਿਆ ਕੀਮਤੀ ਫਰਨੀਚਰ ਅਤੇ ਇਲੈਕਟ੍ਰਿਕ ਸਾਮਾਨ ਚੋਰੀ ਕਰ ਲਿਆ। ਚੋਰ ਆਪਣੇ ਨਾਲ ਸ਼ੋਅਰੂਮ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਲੈ ਗਏ, ਤਾਂ ਜੋ ਉਨ੍ਹਾਂ ਦੀ ਪਛਾਣ ਨਾਲ ਜੁੜੇ ਸਬੂਤ ਮਿਟਾਏ ਜਾ ਸਕਣ। ਇੰਨਾ ਹੀ ਨਹੀਂ, ਚੋਰਾਂ ਨੇ ਨਾਲ ਲੱਗਦੀ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ। ਚੋਰੀ ਦੀ ਘਟਨਾ ਵਿੱਚ 10-12 ਲੱਖ ਦਾ ਨੁਕਸਾਨ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ। ਡੌਗ ਸਕੁਐਡ ਅਤੇ ਸੀਆਈਏ ਸਟਾਫ ਦੀ ਟੀਮ ਨੇ ਵੀ ਸ਼ੋਅਰੂਮ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਚੋਰਾਂ ਦੇ ਆਉਣ-ਜਾਣ ਦੇ ਰਸਤੇ ਅਤੇ ਉਨ੍ਹਾਂ ਦੀ ਪਛਾਣ ਦਾ ਪਤਾ ਲਗਾਇਆ ਜਾ ਸਕੇ। ਇਸ ਘਟਨਾ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਦੀਪਕ ਵਧਾਵਨ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਇਸ ਤਰ੍ਹਾਂ ਦੀ ਚੋਰੀ ਦੀ ਵਾਰਦਾਤ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਤਿੰਨ ਦਿਨਾਂ ਦੇ ਅੰਦਰ ਚੋਰਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਯੂਨੀਅਨ ਦੀ ਮੀਟਿੰਗ ਬੁਲਾ ਕੇ ਅਗਲੀ ਕਾਰਵਾਈ ਸਬੰਧੀ ਫੈਸਲਾ ਲਿਆ ਜਾਵੇਗਾ। ਉੱਥੇ ਹੀ ਸਤਪਾਲ ਥਿੰਦ ਨੇ ਵੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀ ਇਸ ਵਾਰਦਾਤ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਲੋੜ ਪੈਣ ’ਤੇ ਥਾਣੇ ਦਾ ਘਿਰਾਓ ਕਰਨ ਤੋਂ ਵੀ ਪਿੱਛੇ ਨਹੀਂ ਹਟਿਆ ਜਾਵੇਗਾ। ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰੀ ਦੀ ਇਸ ਵਾਰਦਾਤ ਨੂੰ ਜਲਦ ਟਰੇਸ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬਾਜ਼ਾਰਾਂ ਤੇ ਵਪਾਰਕ ਅਦਾਰਿਆਂ ਦੀ ਸੁਰੱਖਿਆ ਲਈ ਰਾਤ ਸਮੇਂ ਗਸ਼ਤ ਵਧਾਈ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।