ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ ਸ਼ੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ ਸ਼ੁਰੂ
Publish Date: Thu, 12 Nov 2026 06:43 PM (IST)
Updated Date: Thu, 12 Nov 2026 06:48 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ 13 ਨਵੰਬਰ ਤੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਹੋ ਰਿਹਾ ਹੈ। ਇਹ ਧਾਰਮਿਕ ਸਮਾਗਮ ਕੁਟੀ ਮੋੜ ਸਥਿਤ ਵਾਟਰ ਵਰਕਸ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਹਰਪ੍ਰੀਤ ਸਿੰਘ ਸੋਢੀ ਅਤੇ ਬਾਬਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨ ਦੇ ਉਦੇਸ਼ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਦਿਨ ਧਾਰਮਿਕ ਦੀਵਾਨ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਵਿੱਚ ਕਥਾ ਵਾਚਕ ਭਾਈ ਗੁਰਭੇਜ ਸਿੰਘ ਖਾਲਸਾ (ਯੂਐਸਏ), ਭਾਈ ਮਨਦੀਪ ਸਿੰਘ ਮੂੰਗਦ, ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਵਾਲੇ ਅਤੇ ਭਾਈ ਸਰਬਜੀਤ ਸਿੰਘ (ਯੂਐੱਸਏ) ਆਪਣੇ ਗੁਰਮਤਿ ਵਿਚਾਰਾਂ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਢਾਡੀ ਜੱਥਾ ਬੀਬੀ ਜਸਵੀਰ ਕੌਰ ਜਸ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਵੀ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਸਮਾਗਮ ਦੌਰਾਨ ਪਹੁੰਚਣ ਵਾਲੀਆਂ ਸੰਗਤਾਂ ਲਈ ਅਤੁੱਟ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਲੰਗਰ ਅਤੇ ਹੋਰ ਸੇਵਾਵਾਂ ਲਈ ਲਗਭਗ 100 ਸੇਵਾਦਾਰਾਂ ਦੀ ਟੀਮ ਆਪਣੀਆਂ ਸੇਵਾਵਾਂ ਨਿਭਾਏਗੀ। ਇਸ ਦੇ ਨਾਲ ਹੀ ਸੰਗਤਾਂ ਦੇ ਵਾਹਨਾਂ ਦੀ ਸੁਚੱਜੀ ਸੰਭਾਲ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਤਾਂ ਜੋ ਕਿਸੇ ਨੂੰ ਆਉਣ-ਜਾਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਨਵੰਬਰ ਨੂੰ ਸਮਾਗਮ ਦੌਰਾਨ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ। ਅਖੀਰ ਵਿੱਚ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਤਿੰਨ ਰੋਜ਼ਾ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ, ਤਾਂ ਜੋ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਗੁਰਮਤਿ ਅਨੁਸਾਰ ਬਤੀਤ ਕੀਤਾ ਜਾ ਸਕੇ। ਇਸ ਮੌਕੇ ਬਲਵਿੰਦਰ ਸਿੰਘ ਜੀ ਵਿਜੇ ਸਿੰਘ ਜੀ ਬਲਦੇਵ ਸਿੰਘ ਜੀ ਵਿਜੇ ਕੁਮਾਰ ਰਣਜੀਤ ਸਿੰਘ ਜਸਬੀਰ ਸਿੰਘ ਲਾਡੀ ਆਦੀ ਵੀ ਹਾਜ਼ਰ ਸਨ।