ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਫ਼ਿਰੋਜ਼ਪੁਰ ਵਿਖੇ ਸ਼ਾਨਦਾਰ ਆਗਾਜ਼
ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਫ਼ਿਰੋਜ਼ਪੁਰ ਵਿਖੇ ਸ਼ਾਨਦਾਰ ਆਗਾਜ਼
Publish Date: Fri, 06 Mar 2026 06:26 PM (IST)
Updated Date: Fri, 06 Mar 2026 06:30 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਨਾਲ ਜੋੜਨ ਤੇ ਕਲਾ ਨੂੰ ਜਨਹਿਤ ਵਿਚ ਲਿਜਾਉਣ ਲਈ ਸ਼ਲਾਘਾਯੋਗ ਪਹਿਲਕਦਮੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਿੰਨ ਰੋਜ਼ਾ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਕਰਵਾਇਆ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਅੱਜ ਸ਼ੁੱਕਰਵਾਰ ਨੂੰ ਕੀਤੀ ਗਈ। ਇਸ ਦੌਰਾਨ ਮੁੱਖ ਵਜੋਂ ਸਹਾਇਕ ਕਮਿਸ਼ਨਰ ਲਿੰਦਿਆ ਵੱਲੋਂ ਸ਼ਮੂਲੀਅਤ ਕੀਤੀ ਗਈ। ਮੇਲੇ ਦਾ ਉਦਘਾਟਨ ਕਰਦਿਆਂ ਸਹਾਇਕ ਕਮਿਸ਼ਨਰ ਲਿੰਦਿਆ ਨੇ ਕਿਹਾ ਕਿ ਇਸ ਮੇਲੇ ਜ਼ਰੀਏ ਪਿੰਡਾਂ ਵਿਚ ਬੈਠੀਆਂ ਹੁਨਰਮੰਦ ਮਹਿਲਾਵਾਂ ਲਈ ਰੁਜ਼ਗਾਰ ਦੇਣ ਦਾ ਸਰਕਾਰ ਵੱਲੋਂ ਪਲੇਟਫਾਰਮ ਤਿਆਰ ਕੀਤਾ ਗਿਆ ਹੈ। ਮੇਲੇ ਵਿਚ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ ਦੇ ਸਟਾਲ ਲਗਾਏ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ ਪੰਜਾਬੀ ਗਾਇਕ ਵੱਲੋਂ ਸ਼ਾਮ ਨੂੰ ਖੁਬਸੂਰਤ ਪੇਸ਼ਕਾਰੀ ਵੀ ਪੇਸ਼ ਕੀਤੀ ਜਾਵੇਗੀ। ਮੇਲੇ ਵਿਚ ਪੰਜਾਬ ਦਾ ਸੱਭਿਆਚਾਰ ਅਤੇ ਵਿਰਸਾ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਮਹਿਲਾ ਉੱਦਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋਂ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਮਹਿਲਾਵਾਂ ਦੇ ਬਣੇ ਸਵੈ-ਸਹਾਇਤਾ ਸਮੂਹਾਂ ਅਤੇ ਲਗਾਈਆਂ ਗਈਆਂ ਸਟਾਲਾਂ ਤੇ ਜਾ ਕੇ ਉਨ੍ਹਾਂ ਸ਼ਿਲਪਕਾਰਾਂ ਅਤੇ ਸਮਾਨ ਤਿਆਰ ਕਰਨ ਵਾਲੇ ਉਦਮੀਆਂ ਦੀ ਹੌਂਸਲਾ ਅਫਜਾਈ ਵੀ ਕੀਤੀ। ਉਨ੍ਹਾਂ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿਚ ਜ਼ਰੂਰ ਪਹੁੰਚਣ। ਇਸ ਤੋਂ ਇਲਾਵਾ ਮੇਲੇ ਦੀ ਸ਼ੁਰੂਆਤ ਮੌਕੇ ਹਾਜ਼ਰੀਨ ਦੇ ਲਈ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਕਰਵਾਏ ਗਏ, ਜਿਸ ਦੌਰਾਨ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।