ਵਪਾਰੀ ਤੇ ਆਮ ਲੋਕ ਆਪਣੇ ਆਪ ਨੂੰ ਮਹਿਫੂਜ਼ ਨਹੀਂ ਸਮਝ ਰਹੇ : ਕੁਲਬੀਰ ਸਿੰਘ ਜ਼ੀਰਾ ਵਪਾਰੀ ਤੇ ਆਮ ਲੋਕ ਆਪਣੇ ਆਪ ਨੂੰ ਮਹਿਫੂਜ਼ ਨਹੀਂ ਸਮਝ ਰਹੇ : ਕੁਲਬੀਰ ਸਿੰਘ ਜ਼ੀਰਾ
Publish Date: Thu, 16 Jul 2026 07:44 PM (IST)
Updated Date: Thu, 16 Jul 2026 07:46 PM (IST)
ਸੁਰੇਸ਼ ਗਰਗ ਦੀ ਕੱਪੜਿਆਂ ਦੀ ਦੁਕਾਨ ’ਤੇ ਫਾਇਰਿੰਗ ਦੀ ਘਟਨਾ ਨੂੰ ਦੱਸਿਆ ਬੇਹੱਦ ਮੰਦਭਾਗੀ, ਪ੍ਰਭਾਵਿਤ ਪਰਿਵਾਰ ਨਾਲ ਜਤਾਈ ਹਮਦਰਦੀ ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ, ਜ਼ੀਰਾ: ਸ਼ਹਿਰ ਜ਼ੀਰਾ ਵਿਚ ਪ੍ਰਸਿੱਧ ਵਪਾਰੀ ਸੁਰੇਸ਼ ਗਰਗ (ਮਈਆ ਦਾਸ ਬ੍ਰਿਜਲਾਲ) ਦੀ ਕੱਪੜਿਆਂ ਦੀ ਦੁਕਾਨ ’ਤੇ ਗੈਂਗਸਟਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਘਟਨਾ ਨੇ ਸਾਰੇ ਇਲਾਕੇ ਵਿੱਚ ਚਿੰਤਾ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਗੰਭੀਰ ਸੰਕੇਤ ਕਰਾਰ ਦਿੱਤਾ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਧ ਰਹੀਆਂ ਗੋਲੀਬਾਰੀ, ਫਿਰੌਤੀ, ਲੁੱਟ-ਖੋਹ ਅਤੇ ਗੈਂਗਸਟਰਵਾਦ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਅਤੇ ਵਪਾਰਕ ਵਰਗ ਵਿੱਚ ਅਸੁਰੱਖਿਆ ਦੀ ਭਾਵਨਾ ਦਿਨੋ-ਦਿਨ ਗਹਿਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਕੇ ਆਪਣਾ ਕਾਰੋਬਾਰ ਚਲਾਉਣ ਵਾਲੇ ਵਪਾਰੀ ਹੁਣ ਆਪਣੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ, ਜਦਕਿ ਆਮ ਨਾਗਰਿਕਾਂ ਲਈ ਵੀ ਘਰੋਂ ਬਾਹਰ ਨਿਕਲਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਅਪਰਾਧੀ ਤੱਤਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਦਾ ਨਕਾਰਾਤਮਕ ਪ੍ਰਭਾਵ ਵਪਾਰ, ਉਦਯੋਗ ਅਤੇ ਸੂਬੇ ਦੀ ਆਰਥਿਕ ਗਤੀਵਿਧੀਆਂ ਤੇ ਵੀ ਪੈ ਸਕਦਾ ਹੈ। ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਦੀ ਜੰਗੀ ਪੱਧਰ ’ਤੇ ਭਾਲ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਦੀ ਭਾਵਨਾ ਮੁੜ ਕਾਇਮ ਹੋ ਸਕੇ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਕਿਸੇ ਵੀ ਸਰਕਾਰ ਦੀ ਪਹਿਲੀ ਅਤੇ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਪ੍ਰਭਾਵਿਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਔਖੀ ਘੜੀ ਵਿਚ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਮੰਚ ਤੇ ਉਠਾਉਂਦੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਵਿੱਖ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਗੈਂਗਸਟਰਵਾਦ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾ ਕੇ ਪੰਜਾਬ ਵਿੱਚ ਅਮਨ, ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਾਦੀਆਂ ਵਿੱਚ ਨਗਰ ਪੰਚਾਇਤ ਪ੍ਰਧਾਨਗੀ ਦੌਰਾਨ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਤੇ ਵੀ ਤਿੱਖੇ ਨਿਸ਼ਾਨੇ ਸਾਧੇ ਅਤੇ ਕਥਿਤ ਗੁੰਡਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।