ਦੁਖਦਾਈ ਘਟਨਾ : ਨਸ਼ੇ ਦੀ ਭੇਟ ਚੜ੍ਹਿਆ 18 ਸਾਲਾ ਨੌਜਵਾਨ, ਪਿੰਡਾਂ ’ਚ ਫੈਲੇ ਨਸ਼ੇ ਦੇ ਜਾਲ ਖ਼ਿਲਾਫ਼ ਪੀੜਤ ਪਰਿਵਾਰ ਦਾ ਫੁੱਟਿਆ ਗੁੱਸਾ, ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ
ਫ਼ਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਝੋਕ ਹਰੀਹਰ ਵਿਖੇ 18 ਸਾਲਾਂ ਦੇ ਇੱਕ ਨੌਜਵਾਨ ਸੁਮਿਤ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿਚ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
Publish Date: Tue, 07 Jul 2026 08:53 AM (IST)
Updated Date: Tue, 07 Jul 2026 08:54 AM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ। ਫ਼ਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਝੋਕ ਹਰੀਹਰ ਵਿਖੇ 18 ਸਾਲਾਂ ਦੇ ਇੱਕ ਨੌਜਵਾਨ ਸੁਮਿਤ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿਚ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਸੁਮਿਤ ਨਸ਼ੇ ਦੀ ਦਲਦਲ ਵਿਚ ਫਸ ਚੁੱਕਾ ਸੀ ਅਤੇ ਨਸ਼ੇ ਦੀ ਮਾਰ ਨਾ ਸਹਾਰਦੇ ਹੋਏ ਉਹ ਆਪਣੀ ਜਾਨ ਗੁਆ ਬੈਠਾ।
ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਨਸ਼ੇ ਦੇ ਸੌਦਾਗਰਾਂ ਨੇ ਹੁਣ ਸ਼ਹਿਰਾਂ ਤੋਂ ਬਾਅਦ ਪਿੰਡਾਂ ਦੀਆਂ ਗਲੀਆਂ-ਮੁਹੱਲਿਆਂ ਤੱਕ ਆਪਣਾ ਨਾਜਾਇਜ਼ ਕਾਰੋਬਾਰ ਫੈਲਾ ਲਿਆ ਹੈ। ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਪਰ ਇਸ ਘਾਤਕ ਨੈੱਟਵਰਕ ਨੂੰ ਤੋੜਨ ਲਈ ਕੋਈ ਵੀ ਠੋਸ ਜਾਂ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਜਾ ਰਿਹਾ।
ਪ੍ਰਸ਼ਾਸਨਿਕ ਢਿੱਲ-ਮੱਠ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਬੇਖ਼ੌਫ਼ ਹੋ ਕੇ ਨੌਜਵਾਨੀ ਨੂੰ ਬਰਬਾਦ ਕਰ ਰਹੇ ਹਨ। ਦੁਖੀ ਪਰਿਵਾਰ ਨੇ ਸਰਕਾਰ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪਿੰਡਾਂ ਵਿਚ ਸਰਗਰਮ ਨਸ਼ਾ ਤਸਕਰਾਂ ਅਤੇ ਵੇਚਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਕੋਈ ਸਖ਼ਤ ਐਕਸ਼ਨ ਨਾ ਲਿਆ ਗਿਆ ਤਾਂ ਕਈ ਹੋਰ ਘਰਾਂ ਦੇ ਚਿਰਾਗ ਇੰਨਾ ਨਸ਼ਿਆਂ ਕਾਰਨ ਬੁੱਝ ਜਾਣਗੇ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਂ-ਬਾਪ ਨੂੰ ਆਪਣੇ ਜਵਾਨ ਪੁੱਤ ਦੀ ਲਾਸ਼ ਨੂੰ ਮੋਢਾ ਦੇਣ ਦਾ ਅਸਹਿ ਦੁੱਖ ਨਾ ਸਹਿਣਾ ਪਵੇ।