ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
Publish Date: Fri, 30 Jan 2026 06:07 PM (IST)
Updated Date: Fri, 30 Jan 2026 06:10 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼, ਕੌਮ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਥਾਨਕ ਸਾਰਾਗੜ੍ਹੀ ਪਾਰਕ ਵਿਖੇ ਦੋ ਮਿੰਟ ਦਾ ਮੌਨ ਧਾਰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਸਮੇਤ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਿਵਲ ਡਿਫੈਂਸ ਦੇ ਵਾਰਡਨਜ਼ ਤੇ ਕਰਮਚਾਰੀਆਂ ਨੇ ਜਿੱਥੇ 2 ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉੱਥੇ ਹੀ ਸੁਤੰਤਰਤਾ ਸੰਗ੍ਰਾਮੀ ਮਹਾਤਮਾ ਗਾਂਧੀ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਿਵਿਲ ਡਿਫੈਂਸ ਵੱਲੋਂ ਸਾਇਰਨ ਵਜਾ ਕੇ ਡਿਊਟੀ ਨਿਭਾਈ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਅਤੇ ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਜਿਨ੍ਹਾਂ ਦੀ ਬਦੌਲਤ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਰਾਸ਼ਟਰ ਪਿਤਾ ਅਤੇ ਮਹਾਨ ਸੁਤੰਤਰਤਾ ਸੰਗਰਾਮੀ ਮਹਾਤਮਾ ਗਾਂਧੀ ਵੱਲੋਂ ਵਿਖਾਏ ਆਪਸੀ ਸਦਭਾਵਨਾ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਮਹਾਨ ਦੇਸ਼ ਭਗਤਾਂ/ਸ਼ਹੀਦਾਂ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਅਤੇ ਦੇਸ਼ ਦੀ ਸੁਰੱਖਿਆ ਤੇ ਤਰੱਕੀ ਲਈ ਆਪਣਾ ਹਰ ਸੰਭਵ ਯੋਗਦਾਨ ਕਰਨ ਲਈ ਤਿਆਰ ਰਹੀਏ। ਇਸ ਮੌਕੇ ਐੱਸਡੀਐੱਮ ਫ਼ਿਰੋਜ਼ਪੁਰ ਲਿੰਦਿਆ, ਡੀਐੱਸਪੀ ਕਰਨ ਸ਼ਰਮਾ, ਸਿਵਲ ਡਿਫੈਂਸ ਕਰਮਚਾਰੀ ਤੇ ਵਾਰਡਨਜ਼ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ’ਤੇ ਕਰਮਚਾਰੀ ਹਾਜ਼ਰ ਸਨ।