
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਧਮਕੀ ਭਰੇ ਪੱਤਰਾਂ ਦਾ ਟੀ.ਐੱਸ.ਯੂ. ਨੇ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਵਿਰੋਧ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਫ਼ਿਰੋਜ਼ਪੁਰ ਵੱਲੋਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਸਰਕਾਰ ਦੀ ਧਮਕੀ ਭਰੀ ਨੀਤੀ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਇਸ ਮੌਕੇ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੌਰਾਨ ਰਜਿੰਦਰ ਸ਼ਰਮਾ ਡਵੀਜ਼ਨ ਪ੍ਰਧਾਨ ਸਬ ਅਰਬਨ, ਰਾਮ ਲੁਭਾਇਆ ਪ੍ਰਧਾਨ ਝੋਕ ਹਰੀਹਰ, ਵਰਿੰਦਰ ਚਾਵਲਾ, ਤੁਸ਼ਾਰ ਚਾਵਲਾ, ਰਵੀ ਸ਼ਰਮਾ ਸਕੱਤਰ, ਗੁਰਦੇਵ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ ਅਤੇ ਹਰੀ ਕੰਬੋਜ਼ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ। ਯੂਨੀਅਨ ਆਗੂ ਰਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 27 ਅਗਸਤ 2026 ਨੂੰ ਜਾਰੀ ਕੀਤਾ ਗਿਆ ਪੱਤਰ ਮੁਲਾਜ਼ਮਾਂ ਦੇ ਜਮਹੂਰੀ ਹੱਕਾਂ ’ਤੇ ਹਮਲਾ ਹੈ। ਇਸ ਪੱਤਰ ਵਿਚ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕਰਨ ਵਾਲੇ ਮੁਲਾਜ਼ਮਾਂ ਨੂੰ ‘ਅਣਅਧਿਕਾਰਤ ਗੈਰਹਾਜ਼ਰ’ ਦਰਸਾ ਕੇ ਕਾਰਵਾਈ ਦੀ ਧਮਕੀ ਦਿੱਤੀ ਗਈ ਹੈ, ਜਿਸ ਦਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਧਮਕੀਆਂ, ਡਰ ਅਤੇ ਦਬਾਅ ਰਾਹੀਂ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਹਰ ਮੁਲਾਜ਼ਮ ਦਾ ਜਮਹੂਰੀ ਹੱਕ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਮਹਾਂਬੰਦ ਸਿਰਫ਼ ਇਕ ਦਿਨ ਦਾ ਪ੍ਰੋਗਰਾਮ ਨਹੀਂ, ਸਗੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੇ ਸੰਘਰਸ਼ ਦੀ ਸ਼ੁਰੂਆਤ ਹੈ। ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੇ ਨਾਲ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਵੀ ਸੰਘਰਸ਼ ਵਿਚ ਸਾਥ ਦੇ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਧਮਕੀਆਂ ਅਤੇ ਦਬਾਅ ਦੀ ਨੀਤੀ ਜਾਰੀ ਰੱਖੀ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵਿਸ਼ਾਲ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣਗੇ।