ਫਿਰੋਜ਼ਪੁਰ : ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਵੱਲੋਂ ਹੈਰੋਇਨ ਅਤੇ ਸਮੈਕ ਸਮੇਤ ਦੋ ਜਣਿਆਂ ਨੂੰ ਕਾਬੂ ਕਰਦਿਆਂ ਉਨ੍ਹਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਸਬ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਜਦੋਂ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਟੀਬੀ ਹਸਪਤਾਲ ਫਿਰੋਜ਼ਪੁਰ ਸ਼ਹਿਰ ਤੋਂ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵੱਲ ਨੂੰ ਜਾ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਤਹਿਤ ਇਕ ਅੌਰਤ ਅਤੇ ਇਕ ਮਰਦ ਨੂੰ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਅੌਰਤ ਦੀ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿਚੋਂ 18 ਗ੍ਰਾਮ ਸਮੈਕ ਤੋਂ ਇਲਾਵਾ ਵਿਅਕਤੀ ਦੇ ਕਬਜ਼ੇ ਵਿਚੋਂ 24 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਲਵ ਉਰਫ ਰਾਹੁਲ, ਕ੍ਰਿਸ਼ਨਾ ਪਤਨੀ ਬਾਊ ਲਾਲ ਵਾਸੀਅਨ ਪੁਰਾਣੀ ਸਬਜ਼ੀ ਮੰਡੀ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਫੜੇ ਗਏ ਮੁਲਜ਼ਮ ਦੋਵੇਂ ਮਾਂ ਪੁੱਤ ਹਨ ਅਤੇ ਉਨ੍ਹਾਂ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ।