ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਐੱਸਟੀਐੱਫ ਰੇਂਜ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ 54 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਤਿੰਨ ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਟੀਐੱਫ ਰੇਂਜ਼ ਫਿਰੋਜ਼ਪੁਰ ਪੁਲਿਸ ਦੇ ਏਐੱਸਆਈ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਰੇਲਵੇ ਫਾਟਕ ਮਧਰੇ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਬੋਹੜ ਸਿੰਘ ਵਾਸੀ ਕੇਸਰ ਸਿੰਘ ਵਾਲੇ ਝੁੱਗੇ ਤੇ ਦਵਿੰਦਰ ਸਿੰਘ ਪੁੱਤਰ ਬੱਬੂ ਵਾਸੀ ਪਿੰਡ ਕੁੰਡੇ ਜੋ ਮੁਲਜ਼ਮ ਬਲਵਿੰਦਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਕੁੰਡੇ ਕੋਲੋਂ ਹੈਰੋਇਨ ਲੈ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਤੇ ਹੁਣ ਵੀ ਹੈਰੋਇਨ ਵੇਚਣ ਲਈ ਮਧਰੇ ਫਾਟਕ ਕੋਲ ਖੜੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਜਾਂਚਕਰਤਾ ਨੇ ਦੱਸਿਆ ਕਿ ਜਦ ਉਕਤ ਜਗ੍ਹਾ ਉਤੇ ਛਾਪੇਮਾਰੀ ਕੀਤੀ ਗਈ ਤਾਂ ਇਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਵਿਚੋਂ ਦੋ ਨੁੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦਕਿ ਉਨ੍ਹਾਂ ਦਾ ਤੀਜਾ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।