- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਿਰੋਜ਼ਪੁਰ ਦੇ ਡਰੱਗ ਹਾਟਸਪਾਟ ਖੇਤਰਾਂ ਵਿਚ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼ ਕੈਂਪ ਲਗਾਏ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ 20 ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿਚ ਲੋਕਾਂ ਨੂੰ ਰੋਜ਼ਗਾਰ ਅਤੇ ਹੁਨਰ ਵਿਕਾਸ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ., ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ (ਡੀ.ਬੀ.ਈ.ਈ.), ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ, ਫਿਰੋਜ਼ਪੁਰ ਗੁਰਜੰਟ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਅਤੇ ਹੁਨਰ ਵਿਕਾਸ ਕੋਰਸਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਸਹਾਇਕ ਸਿੱਧ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅਰਾਈਆਂ ਵਾਲਾ, ਦੋਨਾ ਮੱਤੜ, ਗੱਟੀ ਮੱਤੜ, ਬਸਤੀ ਝਾਵਲਾ, ਬਸਤੀ ਡੇਰਿਆਂ ਵਾਲੀ, ਹਰਦਾਸਾ, ਕੱਸੋਆਣਾ, ਘੱਲ ਖੁਰਦ ਅਤੇ ਬਜ਼ੀਦਪੁਰ ਸਮੇਤ ਵੱਖ-ਵੱਖ ਪਿੰਡਾਂ ਅਤੇ ਖੇਤਰਾਂ ਵਿਚ ਕੈਂਪ ਲਗਾਏ ਜਾ ਚੁੱਕੇ ਹਨ। ਇਨ੍ਹਾਂ ਕੈਂਪਾਂ ਵਿੱਚ 200 ਤੋਂ ਵੱਧ ਲੋਕਾਂ ਨੇ ਭਾਗ ਲਿਆ ਹੈ, ਜਦਕਿ 35 ਨੌਜਵਾਨਾਂ ਨੇ ਹੁਨਰ ਵਿਕਾਸ ਕੋਰਸਾਂ ਲਈ ਰਜਿਸਟਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਹੁਨਰ ਸਿਖਲਾਈ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਵੀ ਯੋਗਦਾਨ ਪਾ ਸਕਣ।