ਕੇਂਦਰੀ ਬਜਟ ਲੋਕ ਉਮੀਦਾਂ ’ਤੇ ਖਰਾ ਨਹੀਂ ਉਤਰਿਆ : ਪੀਰ ਮੁਹੰਮਦ
ਕੇਂਦਰੀ ਬਜਟ ਪੰਜਾਬੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ : ਪੀਰ ਮੁਹੰਮਦ
Publish Date: Tue, 03 Feb 2026 04:18 PM (IST)
Updated Date: Tue, 03 Feb 2026 04:20 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ, ਮਖੂ : ਕਰਨੈਲ ਸਿੰਘ ਪੀਰ ਮੁਹੰਮਦ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰੀ ਬਜਟ ਨੂੰ ਪੰਜਾਬ ਲਈ ਬੇਹੱਦ ਨਿਰਾਸ਼ਾਜਨਕ ਅਤੇ ਅਣਦੇਖੀ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਦੀਆਂ ਅਹਿਮ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਪੰਜਾਬ ਨੂੰ ਕੋਈ ਵਿਸ਼ੇਸ਼ ਆਰਥਿਕ ਪੈਕੇਜ ਨਾ ਦੇਣਾ ਸੂਬੇ ਦੇ ਵਿਕਾਸ ਨਾਲ ਖਿਲਵਾੜ ਹੈ। ਪੀਰ ਮੁਹੰਮਦ ਨੇ ਜ਼ੋਰ ਦੇ ਕੇ ਕਿਹਾ ਕਿ ਬਜਟ ਵਿਚ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਬਾਰੇ ਚੁੱਪੀ ਧਾਰੀ ਗਈ ਹੈ, ਜੋ ਕਿ ਦੇਸ਼ ਦੇ ਅੰਨਦਾਤੇ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਖੇਤੀਬਾੜੀ ਲਈ ਵੱਖਰੇ ‘ਪੰਜਾਬ ਪੈਕੇਜ’ ਦੀ ਮੰਗ ਦੁਹਰਾਈ। ਪੰਜਾਬ ਸਿਰ ਚੜ੍ਹੇ ਭਾਰੀ ਕਰਜ਼ੇ ਨੂੰ ਲਾਹੁਣ ਲਈ ਕੇਂਦਰ ਨੇ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦਾ ਕਰਜ਼ਾ ਮੁਆਫ਼ ਹੋਣਾ ਚਾਹੀਦਾ ਸੀ ਜਾਂ ਘੱਟੋ-ਘੱਟ ਵਿਆਜ ਦਰਾਂ ਵਿੱਚ ਵੱਡੀ ਕਟੌਤੀ ਮਿਲਣੀ ਚਾਹੀਦੀ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਫੰਡ ਅਤੇ ਹੋਰ ਵਿਕਾਸ ਕਾਰਜਾਂ ਲਈ ਰੋਕੇ ਗਏ ਫੰਡਾਂ ਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਬਜਟ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇਣ ਲਈ ਕੋਈ ਵੱਡਾ ਉਦਯੋਗਿਕ ਪ੍ਰੋਜੈਕਟ ਜਾਂ ਸਕਿੱਲ ਸੈਂਟਰ ਨਹੀਂ ਦਿੱਤਾ ਗਿਆ, ਜਿਸ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਜਾਣ ਲਈ ਮਜ਼ਬੂਰ ਹਨ। ਕੇਂਦਰ ਸਰਕਾਰ ਨੇ ਪੰਜਾਬ ਦੇ ਯੋਗਦਾਨ ਨੂੰ ਵਿਸਾਰ ਦਿੱਤਾ ਹੈ ਅਤੇ ਇਹ ਬਜਟ ਪੰਜਾਬੀ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਨਹੀਂ ਉਤਰਿਆ। ਉਨ੍ਹਾਂ ਕਿਹਾ ਕਿ ਪੰਜਾਬ ਭੀਖ ਨਹੀਂ, ਆਪਣਾ ਹੱਕ ਮੰਗਦਾ ਹੈ।