- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ :ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੀ ਟੀਮ ਵੱਲੋਂ ਖੇਤ ਬਚਾਓ ਅਭਿਆਨ ਅਧੀਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਫਿਰੋਜ਼ਪੁਰ ਨੇ ਦੱਸਿਆ ਕਿ ਇਹ ਕੈਂਪ ਖੇਤ ਬਚਾਓ ਮੁਹਿੰਮ ਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿੱਟੀ ਅਤੇ ਪਾਣੀ ਪਰਖ, ਪਰਾਲੀ ਪ੍ਰਬੰਧਨ ਸਬੰਧੀ ਜ਼ਰੂਰੀ ਨੁਕਤੇ ਤੇ ਸਬਜ਼ੀਆਂ ਅਤੇ ਫ਼ਲਾਂ ਦੀ ਘਰੇਲੂ ਬਗੀਚੀ ਬਾਰੇ ਜਾਗਰੂਕ ਕਰਨ ਲਈ ਲਗਾਇਆ ਗਿਆ। ਉਹਨਾਂ ਕਿਹਾ ਕਿ ਮਿੱਟੀ-ਪਾਣੀ ਪਰਖ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਨਾਲ ਜਿੱਥੇ ਖਾਦਾਂ ਦੀ ਖਪਤ ਘਟਾਈ ਜਾ ਸਕਦੀ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਸੁਧਾਰ ਹੁੰਦਾ ਹੈ। ਉਹਨਾਂ ਕਿਹਾ ਕਿ ਕਿਸਾਨ ਨਮੂਨੇ ਲੈ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਿੱਟੀ ਅਤੇ ਪਾਣੀ ਪਰਖ ਕਰਵਾ ਸਕਦੇ ਹਨ। ਡਾ. ਬੀ.ਐੱਸ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆ ਸਬਜ਼ੀਆਂ, ਫ਼ਲਾਂ ਅਤੇ ਹਰਬਲ ਬੂਟਿਆਂ ਦੀ ਬਗੀਚੀ ਸਥਾਪਿਤ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਿਖਲਾਈ ਕੈੰਪ ਦੌਰਾਨ ਡਾ. ਹਰਵਿੰਦਰ ਸਿੰਘ ਬੁੱਟਰ ਨੇ ਵਿਦਿਆਰਥੀਆਂ ਨਾਲ ਪਰਾਲੀ ਦੀ ਸੰਭਾਲ ਵਾਲੇ ਖੇਤਾਂ ’ਚ ਖਾਦ ਪ੍ਰਬੰਧਨ, ਨਦੀਨ ਪ੍ਰਬੰਧਨ ਅਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਯੂਨੀਵਰਸਿਟੀ ਵੱਲੋਂ ਕਿਸਾਨਾਂ ਦੇ ਬੱਚਿਆਂ ਲਈ ਦਾਖਲੇ ਦੀ ਸਹੂਲਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਜਾਗਰੁਕਤਾ ਪ੍ਰੋਗਰਾਮ ਦੌਰਾਨ ਬੱਚਿਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੀ ਟੀਮ ਵੱਲੋਂ ਡਾ. ਰਾਜੀਵ ਅਰੋੜਾ (ਰਜਿਸਟਰਾਰ) ਅਤੇ ਡਾ. ਬਲਪ੍ਰੀਤ ਕੌਰ (ਮੁਖੀ, ਖੇਤੀਬਾੜੀ ਵਿਭਾਗ), ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੀ ਟੀਮ ਦਾ ਧੰਨਵਾਦ ਕੀਤਾ ਤੇ ਅਜਿਹੇ ਹੋਰ ਪ੍ਰੋਗਰਾਮ ਮਿਲ ਕੇ ਉਲੀਕਣ ਦੀ ਹਾਮੀ ਭਰੀ।