ਵੱਖ-ਵੱਖ ਕਿਸਾਨ ਜਥੇਬੰਦੀਆਂ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ
Publish Date: Mon, 08 Jun 2026 03:57 PM (IST)
Updated Date: Mon, 08 Jun 2026 03:59 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਤੇਲ, ਗੈਸ ਦੀਆਂ ਵੱਧਦੀਆਂ ਕੀਮਤਾਂ, ਜ਼ਮੀਨਾਂ ਤੇ ਜਬਰੀ ਕਰਵਾਏ ਜਾ ਰਹੇ ਕਾਰਪੋਰੇਟ ਘਰਾਣਿਆਂ ਦੇ ਕਬਜ਼ਿਆਂ ਦੇ ਵਿਰੋਧ ਵਿਚ ਘੰਟਾ ਘਰ ਮੁੱਖ ਚੌਂਕ ਜ਼ੀਰਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਅਮਨਦੀਪ ਸਿੰਘ ਕੱਚਰਭੰਨ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ,ਬੀਕੇਯੂ ਕ੍ਰਾਂਤੀਕਾਰੀ ਪੰਜਾਬ ਦੇ ਗੁਰਭਾਗ ਸਿੰਘ ਮਰੂੜ, ਸੁਖਵਿੰਦਰ ਸਿੰਘ ਅਲੀਪੁਰ, ਸੁਖਪਾਲ ਸਿੰਘ ਬਲਾਕ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਤੇਲ,ਗੈਸ ਦੀਆਂ ਕੀਮਤਾਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਣ ਲਈ ਵਾਧੇ ਕੀਤੇ ਜਾ ਰਹੇ ਹਨ, ਜੋ ਕਿ ਦੇਸ਼ ਦੀ ਜਨਤਾ ਨਾਲ ਈਰਾਨ ਅਮਰੀਕਾ ਦੀ ਲੜਾਈ ਦਾ ਕਹਿ ਕੇ ਝੂਠ ਬੋਲ ਕੇ ਗੁੰਮਰਾਹਕੁੰਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਤੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਘਾਟ ਦਾ ਕਹਿ ਕੇ ਬੇਲੋੜੀਆਂ ਦਵਾਈਆਂ ਤੇ ਹੋਰ ਨੈਨੋ ਸਮਾਨ ਜ਼ਬਰਦਸਤੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਕਾਮਯਾਬ ਕਰਨ ਲਈ ਮੋਦੀ ਸਰਕਾਰ ਵਲੋਂ ਜ਼ਬਰਨ ਜ਼ਮੀਨਾਂ ਤੇ ਕਬਜ਼ੇ ਕਰਵਾ ਕੇ ਕਿਸਾਨਾਂ-ਮਜ਼ਦੂਰਾਂ ਨੂੰ ਜ਼ਮੀਨਾਂ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਅਮਰੀਕੀ ਸਾਮਰਾਜ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣ, ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਅਦਾਰਿਆਂ ਹੱਥ ਨਾ ਸੌਂਪਿਆ ਜਾਵੇ, ਬੇਰੁਜ਼ਗਾਰੀ ਖ਼ਤਮ ਕੀਤੀ ਜਾਵੇ, ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਨਕੇਲ ਪਾਈ ਜਾਵੇ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜੇ ਖਤਮ ਕੀਤੇ ਜਾਣ,ਫਸਲਾਂ ਦੇ ਲਾਹੇਵੰਦ ਭਾਅ ਕੀਤੇ ਜਾਣ ਅਤੇ ਪਟਿਆਲਾ ਵਿਖੇ ਕੀਤੇ ਬਿਜਲੀ ਮੁਲਾਜ਼ਮਾਂ ਤੇ ਅਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਵੀਰ ਸਿੰਘ ਨਿਜਾਮਦੀਨ ਵਾਲਾ, ਮੱਖਣ ਸਿੰਘ ਵਾੜਾ, ਬਲਰਾਜ ਸਿੰਘ ਫੇਰੋਕੇ, ਅਮਰਜੀਤ ਸਿੰਘ ਸੰਤੂ ਵਾਲਾ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲਾ, ਗੁਰਮੀਤ ਸਿੰਘ ਠੇਕੇਦਾਰ, ਅਮਨਦੀਪ ਸਿੰਘ ਚੱਬਾ, ਪ੍ਰਿਤਪਾਲ ਸਿੰਘ ਸੰਤੂ ਵਾਲਾ ਆਦਿ ਆਗੂ ਹਾਜ਼ਰ ਸਨ।