ਗਊ ਹੱਤਿਆ, ਸਮੱਗਲਿੰਗ ਤੇ ਗਊ ਮਾਸ ਵਰਗੇ ਗੈਰ ਕਾਨੂੰਨੀ ਕੰਮਾਂ ’ਤੇ ਰੋਕ, ਦੋਸ਼ੀਆਂ ਨੂੰ ਹੋਵੇਗੀ 10 ਸਾਲ ਤੱਕ ਦੀ ਕੈਦ : ਕੀਮਤੀ ਭਗਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵੱਲੋਂ ਗਊਧਨ ਦੀ ਸੇਵਾ, ਸੰਭਾਲ ਤੇ ਸੁਰੱਖਿਆ ਸਬੰਧੀ ਵੱਖ-ਵੱਖ ਵਿਭਾਗਾਂ ਤੇ ਗਊਸ਼ਲਾਵਾਂ ਦੇ
Publish Date: Mon, 24 Aug 2026 05:51 PM (IST)
Updated Date: Mon, 24 Aug 2026 05:54 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਗਊਧਨ ਦੀ ਸੇਵਾ, ਸੰਭਾਲ ਤੇ ਸੁਰੱਖਿਆ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖ਼ੇ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਲਾਵਾਂ ਦੇ ਸੰਚਾਲਕਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗਊਆਂ ਦੀ ਸੁਰੱਖਿਆ ਸਬੰਧੀ ਬਣੇ ਕਾਨੂੰਨਾਂ ਦੀ ਜ਼ਮੀਨੀ ਪੱਧਰ ਤੱਕ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਵਿਚ ਗਊ ਹੱਤਿਆ, ਗਊ ਸਮੱਗਲਿੰਗ ਅਤੇ ਗਊ ਮਾਸ ਵਰਗੇ ਗੈਰ ਕਾਨੂੰਨੀ ਕੰਮਾਂ ’ਤੇ ਮੁਕੰਮਲ ਰੋਕ ਹੈ ਅਤੇ ਦੋਸ਼ੀਆਂ ਨੂੰ ਪੰਜਾਬ ਗਊ ਹੱਤਿਆ ਰੋਕੂ ਅਮੈਂਡਮੈਂਟ ਐਕਟ 2011 ਤਹਿਤ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸੇ ਤਰ੍ਹਾਂ ਪਸ਼ੂਧਨ, ਗਊਧਨ ਅਤੇ ਹਰ ਤਰ੍ਹਾਂ ਦੇ ਜਾਨਵਰ ’ਤੇ ਅੱਤਿਆਚਾਰ ਰੋਕਣ ਲਈ ਦਿ ਪ੍ਰੀਵੈਂਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਐਕਟ ਲਾਗੂ ਹੈ। ਇਸ ਤਹਿਤ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਤੋਂ ਕਿਸੇ ਵੀ ਦੂਜੇ ਰਾਜ ਵਿਚ ਗਊਧਨ ਲੈ ਕੇ ਜਾਣ ਲਈ ਸਿਰਫ਼ ਡਿਪਟੀ ਕਮਿਸ਼ਨਰ ਵੱਲੋਂ ਪਰਮਿਟ ਜਾਰੀ ਕੀਤਾ ਜਾ ਸਕਦਾ ਹੈ। ਉਨ੍ਹਾਂ ਹਾਜ਼ਰ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊ ਹੱਤਿਆ, ਸਮੱਗਲਿੰਗ ਅਤੇ ਗਊ ਮਾਸ ਦੇ ਗੈਰ ਕਾਨੂੰਨੀ ਕੰਮ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਗਊਧਨ ਮੌਕੇ ’ਤੇ ਫੜਿਆ ਜਾਂਦਾ ਹੈ ਤਾਂ ਨਜ਼ਦੀਕੀ ਸਰਕਾਰੀ ਜਾਂ ਪ੍ਰਾਈਵੇਟ ਗਊਸ਼ਾਲਾ ਵਿੱਚ ਪਹੁੰਚਾਇਆ ਜਾਵੇ ਅਤੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਸੂਚਨਾ ਤੁਰੰਤ ਪੰਜਾਬ ਗਊ ਸੇਵਾ ਕਮਿਸ਼ਨ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਕਮਿਸ਼ਨ ਵੱਲੋਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਦੂਜੇ ਸੂਬਿਆਂ ਦੇ ਬਾਰਡਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ। ਉਪ ਚੇਅਰਮੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਕਾਨੂੰਨ, ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ, ਅਦਾਲਤਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਗਊਧਨ ਦੀ ਢੁੱਕਵੀਂ ਸੰਭਾਲ ਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਗਊਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਕਮਿਸ਼ਨ ਗਊਧਨ ਦੀ ਸੁਚੱਜੀ ਸੰਭਾਲ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਗਊਸ਼ਲਾਵਾਂ ਦੇ ਸੰਚਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਵੱਖ-ਵੱਖ ਐਕਟਾਂ, ਨਿਯਮਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਐਕਟਾਂ ਤੇ ਨਿਯਮਾਂ ਸਬੰਧੀ ਮੁਕੰਮਲ ਜਾਣਕਾਰੀ ਹੇਠਲੇ ਪੱਧਰ ਤੱਕ, ਹਰ ਥਾਣੇ ਅਤੇ ਚੌਕੀ ਤੱਕ ਪਹੁੰਚਦੀ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਉਪ ਚੇਅਰਮੈਨ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਪਹੁੰਚਾਉਣ ਸਬੰਧੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਜਲਦ ਹੀ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ, ਜਿਸ ’ਤੇ ਬੇਸਹਾਰਾ ਗਊਧਨ ਬਾਰੇ ਸੂਚਨਾ ਦਿੱਤੀ ਜਾ ਸਕੇਗੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਘਾਗਾਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਲਖਵਿੰਦਰ ਸਿੰਘ ਧੰਜੂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਵਿਨੋਦ ਸੋਈ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਆਦਿ ਵੀ ਮੌਜ਼ੂਦ ਸਨ।