Vigilance Action : ਫਿਰੋਜ਼ਪੁਰ 'ਚ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Publish Date: Wed, 21 Jan 2026 07:59 PM (IST)
Updated Date: Wed, 21 Jan 2026 08:02 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐੱਨਡੀਪੀਐੱਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ।
ਇਸ ਸਬੰਧ ਵਿਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਮੁਲਜ਼ਮ ਹੌਲਦਾਰ ਦੀ ਗੱਲਬਾਤ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।